‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਜ ਵਿਰੋਧੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ। ਖੁਫੀਆ ਏਜੰਸੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ‘ਤੇ ਹਮਲਾ ਹੋ ਸਕਦਾ ਹੈ। ਏਜੰਸੀਆਂ ਨੂੰ ਜਾਣਕਾਰੀ ਮਿਲੀ ਹੈ ਕਿ ਕੁਝ ਸਮਾਜ ਵਿਰੋਧੀ ਅਨਸਰ ਅੰਮ੍ਰਿਤਪਾਲ ‘ਤੇ ਹਮਲਾ ਕਰ ਸਕਦੇ ਹਨ। ਹਮਲਾ ਕਰਕੇ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੇਂਦਰੀ ਸੁਰੱਖਿਆ ਏਜੰਸੀਆਂ ਨੇ ਇਹ ਜਾਣਕਾਰੀ ਪੰਜਾਬ ਪੁਲਿਸ ਨਾਲ ਸਾਂਝੀ ਕੀਤੀ ਹੈ।
ਇਨਪੁਟ ਮਿਲਣ ਤੋਂ ਬਾਅਦ ਪੰਜਾਬ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹੋ ਗਈਆਂ ਹਨ। ਦਰਅਸਲ, ਅਜਨਾਲਾ ‘ਚ ਹੋਏ ਘਟਨਾਕ੍ਰਮ ਤੋਂ ਬਾਅਦ ਪੰਜਾਬ ਦਾ ਮਾਹੌਲ ਪਹਿਲਾਂ ਹੀ ਗਰਮਾਇਆ ਹੋਇਆ ਹੈ। ਅਜਿਹੇ ‘ਚ ਜੇਕਰ ਕੋਈ ਅੰਮ੍ਰਿਤਪਾਲ ਸਿੰਘ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਜਾਵੇਗੀ, ਕਿਉਂਕਿ ਸਿੱਖ ਭਾਈਚਾਰੇ ਦਾ ਕਾਫੀ ਹਿੱਸਾ ਅੰਮ੍ਰਿਤਪਾਲ ਸਿੰਘ ਤੋਂ ਪ੍ਰਭਾਵਿਤ ਹੈ।
ਉਥੇ ਹੀ ਦੂਜੇ ਪਾਸੇ ਇਹ ਵੀ ਖ਼ਬਰਾ ਸਾਹਮਣੇ ਆ ਰਹੀਆਂ ਹਨ ਕਿ ਅੰਮ੍ਰਿਤਪਾਲ ਸਿੰਘ ਕੇਂਦਰ ਅਤੇ ਸੂਬੇ ਦੀਆਂ ਖ਼ੁਫ਼ੀਆ ਏਜੰਸੀਆਂ ਦੇ ਰਾਡਾਰ ’ਤੇ ਹਨ। ਏਜੰਸੀਆਂ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਜਾਣ ਵਾਲੇ ਪੈਸਿਆਂ ਦੇ ਲੈਣ-ਦੇਣ ਤੋਂ ਲੈ ਕੇ ਸੋਸ਼ਲ ਮੀਡੀਆ ਅਕਾਊਂਟ ਅਤੇ ਉਸ ਦੀ ਮਰਸੀਡੀਜ਼ ਕਾਰ ਦੇ ਰਿਕਾਰਡ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ। ਕੇਂਦਰ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਪੂਰੇ ਵੇਰਵੇ ਦੇ ਨਾਲ ਅੰਮ੍ਰਿਤਪਾਲ ਦੀ ਖ਼ੁਫ਼ੀਆ ਰਿਪੋਰਟ ਕੰਪਾਇਲ ਕਰਨ ਜਾ ਰਹੀਆਂ ਹਨ। ਇਸ ’ਚ ਅੰਮ੍ਰਿਤਪਾਲ ਦੇ ਪੰਜਾਬ ’ਚ ਆਉਣ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨਾਲ ਜੁੜੇ ਹਰ ਵਿਅਕਤੀ ਦਾ ਰਿਕਾਰਡ ਸ਼ਾਮਲ ਹੋਵੇਗਾ। ਇੰਨਾਂ ਹੀ ਨਹੀਂ ਏਜੰਸੀਆਂ ਵਿਦੇਸ਼ਾਂ ਤੋਂ ਹੋਣ ਵਾਲੀ ਫੰਡਿੰਗ ਦਾ ਵੇਰਵਾ ਤਿਆਰ ਕਰ ਰਹੀਆਂ ਹਨ।