ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਏ ਜਾਣ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰਨ ਤੋੰ ਬਾਅਦ ਹੁਣ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਦਿੱਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ਪਹੁੰਚ ਚੁੱਕੀ ਹੈ।
ਇਸ ਮਾਮਲੇ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਕੇ ਭਾਜਪਾ ਅਤੇ ਰਾਜਪਾਲ ‘ਤੇ ਤੰਜ ਵੀ ਕੱਸਿਆ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ, “ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ। ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ। ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ। ਲੋਕਤੰਤਰ ਦੀ ਤਲਾਸ਼ ਜਾਰੀ ਹੈ।
ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ….
ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ…
ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ …
ਲੋਕਤੰਤਰ ਦੀ ਤਲਾਸ਼ ਜਾਰੀ ਹੈ…— Bhagwant Mann (@BhagwantMann) February 26, 2023
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 3 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਗੱਲ ਕੀਤੀ ਸੀ ਪਰ ਰਾਜਪਾਲ ਬਨਵਾਰੀ ਲਾਲ ਨੇ ਇਸ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਦਸ ਦਈਏ ਕਿ ਮੁੱਖ ਮੰਤਰੀ ਦੇ 13 ਫਰਵਰੀ ਅਤੇ 14 ਫਰਵਰੀ ਨੂੰ ਕੀਤੇ ਗਏ ਟਵੀਟ, ਜਿਨ੍ਹਾਂ ‘ਚ ਰਾਜਪਾਲ ਦੇ ਆਹੁਦੇ ‘ਤੇ ਟਿਪਣੀ ਕੀਤੀ ਗਈ ਸੀ, ਰਾਜਪਾਲ ਉਸ ਤੋਂ ਕਾਫ਼ੀ ਨਾਰਾਜ਼ ਹਨ। ਜਿਸ ਤੋਂ ਬਾਅਦ ਪੰਜਾਬ ਦੇ ਰਾਜਪਾਲ ਨੇ 23 ਫਰਵਰੀ ਨੂੰ ਮੁੱਖ ਮੰਤਰੀ ਨੂੰ ਚਿੱਠੀ ਲਿਖਕੇ ਕਾਨੂੰਨੀ ਰਾਇ ਲੈਣ ਤੋਂ ਬਾਅਦ ਮਨਜ਼ੂਰੀ ਲਈ ਸੋਚਣ ਦੀ ਗੱਲ ਕਹੀ ਸੀ।
ਰਾਜਪਾਲ ਨੇ ਕਿਹਾ ਸੀ ਕਿ ਸੀਐਮ ਮਾਨ ਦਾ ਟਵੀਟ ਅਤੇ ਪੱਤਰ ਨਾ ਸਿਰਫ਼ ਸਪੱਸ਼ਟ ਤੌਰ ‘ਤੇ ਗੈਰ-ਸੰਵਿਧਾਨਕ ਹੈ, ਸਗੋਂ ਬੇਹੱਦ ਅਪਮਾਨਜਨਕ ਵੀ ਹੈ। ਇਸ ਲਈ ਬਜਟ ਸੈਸ਼ਨ ਬਾਰੇ ਅੰਤਿਮ ਫੈਸਲਾ ਕਾਨੂੰਨੀ ਸਲਾਹ ਤੋਂ ਬਾਅਦ ਲਿਆ ਜਾਵੇਗਾ। ਦਸ ਦਈਏ ਕਿ ਰਾਜਪਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਤੋਂ ਇਲਾਵਾ ਕਈ ਮੁੱਦਿਆਂ ‘ਤੇ ਜਵਾਬ ਮੰਗਿਆ ਸੀ ਜਿਸ ‘ਤੇ ਮੁੱਖ ਮੰਤਰੀ ਨੇ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਉਹ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹਨ।