‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਅੱਜ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਹਨਾ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਨਾਲ ਪੰਥਕ ਮੁੱਦਿਆਂ ਨੂੰ ਲੈਕੇ ਗੱਲਬਾਤ ਕੀਤੀ ਗਈ ਹੈ। ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਲੈਕੇ ਵੀ ਵਿਚਾਰ ਚਰਚਾ ਕੀਤੀ ਗਈ ਹੈ।
ਜ਼ਿਕਰ ਕਰ ਦਈਏ ਕਿ ਅਜਨਾਲਾ ਥਾਣੇ ਦੇ ਘਿਰਾਓ ਮਗਰੋਂ ਭਾਈ ਅੰਮ੍ਰਿਤਪਾਲ ਸਿੰਘ ਸੁਰਖੀਆਂ ਵਿੱਚ ਹਨ। ਉਨ੍ਹਾਂ ਵੱਲੋਂ ਅਜਨਾਲਾ ਥਾਣੇ ਦੇ ਘਿਰਾਓ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲੈ ਜਾਣ ਕਰਕੇ ਅਲੋਚਨਾ ਹੋ ਰਹੀ ਹੈ। ਇਸ ਮਾਮਲੇ ‘ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਮੇਟੀ ਬਣਾਈ ਗਈ ਹੈ। ਅੰਮ੍ਰਿਤਪਾਲ ਸਿੰਘ ਨੇ ਹਾਲ ਹੀ ਵਿਚ ਇਕ ਬਿਆਨ ਵੀ ਦਿੱਤਾ ਸੀ ਕਿ ਜਦੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬੁਲਾਉਣਗੇ, ਉਹ ਜ਼ਰੂਰ ਪੇਸ਼ ਹੋਣਗੇ। ਸੂਤਰਾਂ ਮੁਤਾਬਕ ਅਜੇ ਤੱਕ ਕਮੇਟੀ ਨੇ ਇਸ ਬਾਰੇ ਕੋਈ ਰਿਪੋਰਟ ਨਹੀਂ ਸੌਂਪੀ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਹੈ।