ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਐਲਾਨ ਤੋਂ ਬਾਅਦ ਹੁਣ SGPC ਵਲੋਂ ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ਖਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਗਈ ਹੈ। ਇਸ ਨਾਲ ਹੁਣ ਡੇਰਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਇਸ ਦੀ ਜਾਣਕਾਰੀ ਖ਼ੁਦ SGPC ਮੈਂਬਰ ਗੁਰਬਖ਼ਸ਼ ਸਿੰਘ ਖ਼ਾਲਸਾ ਵਲੋਂ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਰਾਮ ਰਹੀਮ ਦੀ ਪੈਰੋਲ ਖਿਲਾਫ਼ ਇਕ ਪਟੀਸ਼ਨ ਪਾਈ ਗਈ ਸੀ ਜਿਸ ਵਿਚ ਹਾਈਕੋਰਟ ਦੇ ਕਹਿਣ ਮੁਤਾਬਕ ਕੁਝ ਖਾਮੀਆਂ ਪਾਈਆਂ ਗਈਆਂ ਸੀ। ਇਸ ਵਾਰ ਹੁਣ ਅਸੀ ਉਹ ਸਾਰੀਆਂ ਖਾਮੀਆਂ ਨੂੰ ਪੂਰਾ ਕਰਕੇ ਇਕ ਵਾਰ ਫਿਰ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਖਿਲਾਫ਼ ਪਟੀਸ਼ਨ ਦਾਇਰ ਕਰ ਦਿੱਤੀ ਹੈ। ਪਟੀਸ਼ਨ ਵਿੱਚ ਕਿਹਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਸਾਧਵੀ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਹੈ। ਪੰਜਾਬ ਵਿੱਚ ਵੀ ਉਸ ਖ਼ਿਲਾਫ਼ ਕਈ ਕੇਸ ਦਰਜ ਹਨ, ਇਸ ਲਈ ਉਸ ਨੂੰ ਪੈਰੋਲ ਦੇਣਾ ਉਚਿਤ ਨਹੀਂ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਮ ਰਹੀਮ ਦੀ ਪਟੀਸ਼ਨ ਨੂੰ ਜਲਦੀ ਤੋਂ ਜਲਦੀ ਰੱਦ ਕਰਕੇ ਉਸ ਨੂੰ ਜੇਲ੍ਹ ਭੇਜਿਆ ਜਾਵੇ।
ਇਥੇ ਦਸ ਦਈਏ ਕਿ ਰਾਮ-ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਨਾਲ ਕਰਨ ਨੂੰ ਲੈਕੇ SGPC ਪ੍ਰਧਾਨ ਧਾਮੀ ਵਲੋਂ ਪਹਿਲਾਂ ਹੀ ਕਹਿ ਦਿੱਤਾ ਗਿਆ ਸੀ ਕਿ ਸ਼੍ਰੋਮਣੀ ਕਮੇਟੀ ਵਲੋਂ ਰਾਮ ਰਹੀਮ ਦੀ ਪੈਰੋਲ ਖਿਲਾਫ਼ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ, ਜਿਸ ਤਹਿਤ ਅੱਜ SGPC ਮੈਂਬਰ ਵਲੋਂ ਪੰਜਾਬ-ਹਰਿਆਣਾ ਹਾਈਕੋਰਟ ‘ਚ ਰਾਮ ਰਹੀਮ ਦੀ ਪੈਰੋਲ ਖਿਲਾਫ਼ ਪਟੀਸ਼ਨ ਪਾ ਦਿੱਤੀ ਗਈ ਹੈ।