ਕੋਟਕਪੂਰਾ-ਗੋਲੀਕਾਂਡ ਮਾਮਲੇ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ-ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਹਾਈਕੋਰਟ ਨੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਫਰੀਦਕੋਟ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ। ਜਦਕਿ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।
ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਜਿਸ ’ਤੇ ਸੁਣਵਾਈ ਤੋਂ ਬਾਅਦ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਦਾਖਲ ਕਰਨ ਦਾ ਵੀ ਹੁਕਮ ਜਾਰੀ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ 25 ਫਰਵਰੀ ਨੂੰ 2015 ਦੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਨੇ ਫਰੀਦਕੋਟ ਅਦਾਲਤ ਵਿੱਚ 7000 ਪਨ੍ਹਿਆਂ ਦਾ ਚਲਾਨ ਪੇਸ਼ ਕੀਤਾ ਸੀ, ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਮ ਸ਼ਾਮਲ ਸਨ।