ਪੰਜਾਬ ਦੇ ਵਿਚ ਇਕ ਹੋਰ ਸਿਆਸੀ ਪਾਰਟੀ ਨੇ ਜਨਮ ਲੈ ਲਿਆ ਹੈ। ਦਸ ਦਈਏ ਕਿ ਈਸਾਈ ਭਾਈਚਾਰੇ ਵਲੋਂ ਆਪਣੀ ਇਕ ਸਿਆਸੀ ਪਾਰਟੀ (‘ਯੂਨਾਈਟਿਡ ਪੰਜਾਬ ਪਾਰਟੀ’) ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ ਐਲਾਨ ਪਾਦਰੀ ਹਰਪ੍ਰੀਤ ਦਿਓਲ ਵੱਲੋਂ ਕੀਤਾ ਗਿਆ ਹੈ।
ਐਲਾਨ ਕੀਤਾ ਗਿਆ ਹੈ ਕਿ ਆਉਣ ਵਾਲੀਆਂ ਜ਼ਿਮਨੀ ਚੋਣ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ ਉਮੀਦਵਾਰ ਖੜ੍ਹੇ ਕੀਤੇ ਜਾਣਗੇ। ਹਰਪ੍ਰੀਤ ਦਿਓਲ ਨੇ ਮੀਡੀਆ ਨੂੰ ਦੱਸਿਆ ਕਿ ਉਹ ਇਸ ਸਿਆਸੀ ਪਾਰਟੀ ਤੋਂ ਦੂਰ ਰਹਿਣਗੇ, ਪਰ ਇਸਾਈ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਹੋਰ ਕਈ ਮੁੱਦਿਆਂ ‘ਤੇ ਉਨ੍ਹਾਂ ਦੇ ਲੋਕ ਪਾਰਟੀ ਬਣਾ ਕੇ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਅਜਿਹੇ ਕਈ ਮਸਲੇ ਹਨ, ਜਿਨ੍ਹਾਂ ਨੂੰ ਲੈ ਕੇ ਸਿਆਸੀ ਪਾਰਟੀ ਬਣਾਈ ਜਾ ਰਹੀ ਹੈ।
ਪਾਰਟੀ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ 2011 ’ਚ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਕਿ ਕ੍ਰਿਸ਼ਚੀਅਨ ਭਾਈਚਾਰਾ ਤੇ ਹੋਰ ਭਾਈਚਾਰਿਆਂ ਦੇ ਲੋਕ ਜਦੋਂ ਆਪਣੀ ਜੀਵਨ ਯਾਤਰਾ ਪੂਰੀ ਕਰ ਕੇ ਜਾਂਦੇ ਹਨ ਤਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਦਫਨਾਉਣ ਲਈ ਜਗ੍ਹਾ ਦਿੱਤੀ ਜਾਵੇ। ਉਹ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਅੱਜ ਤਕ ਸਾਡੇ ਕ੍ਰਿਸ਼ਚੀਅਨ ਭਾਈਚਾਰੇ ਲਈ ਬਹੁਤ ਵੱਡੀ ਚੁਣੌਤੀ ਹੈ ਕਿ ਦੇਹਾਂਤ ਤੋਂ ਬਾਅਦ ਮ੍ਰਿਤਕ ਦੇਹ ਦਫ਼ਨਾਉਣ ਲਈ ਜਗ੍ਹਾ ਮੁਹੱਈਆ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਮੁਸ਼ਕਿਲਾਂ ਹਨ, ਜਿਨ੍ਹਾਂ ਦਾ ਹੱਲ ਕਰਵਾਉਣ ਲਈ ਵੱਡੇ ਪੱਧਰ ’ਤੇ ਭਾਈਚਾਰੇ ਨੇ ਸਿਆਸੀ ਪਾਰਟੀ ਬਣਾਉਣ ਦਾ ਫ਼ੈਸਲਾ ਕੀਤਾ।