ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਚੱਲਦੀ ਗੁਰਬਾਣੀ ਦਾ ਟੈਲੀਕਾਸਟ ਸਿਰਫ਼ ਇਕ ਨਿੱਜੀ ਚੈਨਲ ਨੂੰ ਦਿੱਤੇ ਜਾਣ ‘ਤੇ ਚੁੱਕੇ ਸਵਾਲਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਬੈਠਕ ਸੱਦੀ ਗਈ ਜਿਸ ਵਿਚ ਪ੍ਰਧਾਨ ਹਰਜਿੰਦਰ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਇਹ ਫੈਸਲਾ ਲਿਆ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਗੁਰਬਾਣੀ ਪ੍ਰਸਾਰਣ ਲਈ ਟੈਂਡਰ ਜਾਰੀ ਕਰੇਗੀ ਪਰ ਇਸਦੇ ਲਈ ਕੁਝ ਸ਼ਰਤਾਂ ਜਾਰੀ ਕੀਤੀਆਂ ਗਈਆਂ ਹਨ ਜੋ ਚੈਨਲਾਂ ਨੂੰ ਮੰਨਣੀਆਂ ਪੈਣਗੀਆਂ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਸੀਐਮ ਮਾਨ ਕੇਂਦਰ ਦੇ ਇਸ਼ਾਰੇ ‘ਤੇ ਇਸ ਤਰ੍ਹਾਂ ਬੋਲ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਸੀਐਮ ਮਾਨ ਆਪਣੇ ਸ਼ਬਦਾਂ ‘ਤੇ ਕੰਟਰੋਲ ਰੱਖਣ। ਦੱਸ ਦੇਈਏ ਕਿ ਬੀਤੀ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ SGPC ‘ਤੇ ਨਿਸ਼ਾਨਾ ਸਾਧਦਿਆਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈਕੇ ਵੱਡੇ ਸਵਾਲ ਚੁੱਕੇ ਗਏ ਸਨ। ਨਾਲ ਹੀ ਉਹਨਾਂ ਐਲਾਨ ਕੀਤਾ ਸੀ ਕਿ ਗੁਰਬਾਣੀ ਦੇ ਪ੍ਰਸਾਰਣ ਲਈ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕਣ ਨੂੰ ਤਿਆਰ ਹੈ। ਜਿਸ ‘ਤੇ ਅੱਜ SGPC ਦੇ ਪ੍ਰਧਾਨ ਵਲੋਂ ਵੀ CM ਮਾਨ ‘ਤੇ ਤਿੱਖਾ ਪ੍ਰਤੀਕਰਮ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖ ਕੌਮ ਦੀਆਂ ਦੋ ਮਜ਼ਬੂਤ ਸੰਪਰਦਾਵਾਂ ਦੱਸਿਆ। ਇਸ ਦੌਰਾਨ ਧਾਮੀ ਨੇ ਗੁਰਬਾਣੀ ਵੇਚਣ ਜਿਹੀ ਸ਼ਬਦਾਵਲੀ ਤੋਂ CM ਮਾਨ ਨੂੰ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ।