ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਵੱਲ ਜਾਣ ਨੂੰ ਲੈਕੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਵੱਲੋਂ ਇਕ ਅਹਿਮ ਪ੍ਰੈਸ ਕਾਨਫਰੰਸ ਸੱਦੀ ਗਈ। ਇਸ ਦੌਰਾਨ ਭਾਈ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਇਹ ਧਰਨਾ ਲਗਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਹੈ ਕਿ 31 ਮੈਂਬਰਾਂ ਦੇ ਜਥੇ ਨੇ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਰੋਸ ਪ੍ਰਦਰਸ਼ਨ ਕਰਨਾ ਸੀ। ਉਨ੍ਹਾਂ ਨੇ ਕਿਹਾ ਹੈ ਕਿ 31 ਮੈਂਬਰਾਂ ਵਿੱਚ ਬਜ਼ੁਰਗ ਸਨ ਉਨ੍ਹਾਂ ਉਤੇ ਪੱਥਰ ਮਾਰੇ ਗਏ ਅਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਨੇ ਗੰਦੇ ਪਾਣੀਆਂ ਦੀਆਂ ਬੁਛਾੜਾ ਮਾਰੀਆ।
ਇਸ ਦਰਮਿਆਨ ਉਨ੍ਹਾਂ ਕਿਹਾ ਹੈ ਕਿ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਦੀ ਝੜਪ ਦੌਰਾਨ ਮੀਡੀਆ ਕਰਮੀਆ ਦੇ ਵੀ ਸੱਟਾ ਲੱਗੀਆਂ ਹਨ ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਮੀਡੀਆ ਨੂੰ ਮਾੜਾ ਬੋਲਿਆ ਜਾਂਦਾ ਹੈ ਤਾਂ ਮੁਆਫੀ ਮੰਗਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਦੇ ਰਵੱਈਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਇਲਜ਼ਾਮ ਲਗਾਏ ਹਨ ਕਿ ਪੁਲਿਸ ਪ੍ਰਸ਼ਾਸਨ, ਮੋਰਚੇ ਨੂੰ ਖਤਮ ਕਰਨਾ ਚਾਹੁੰਦਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਜਥੇ ਉੱਤੇ ਹਮਲਾ ਕੀਤਾ ਗਿਆ।
ਦਸਣਯੋਗ ਹੈ ਕਿ ਬੀਤੇ ਕੱਲ੍ਹ ਵਾਪਰੀ ਇਸ ਅਣਸੁਖਾਵੀਂ ਘਟਨਾ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚ 22 ਪੁਲਿਸ ਮੁਲਾਜ਼ਮ ਅਤੇ 7 ਮਹਿਲਾ ਪੁਲਿਸ ਮੁਲਾਜ਼ਮ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਜਿੰਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਸਬੰਧੀ ਪੀ.ਐਸ.36 ਵਿਖੇ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਵੀ ਦਰਜ ਕੀਤੀ ਜਾ ਰਹੀ ਹੈ।