ਪੰਜਾਬ : ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਪੂਰਬੀ ਮਾਲਵੇ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਦੋਆਬੇ ਲਈ ਯੈਲੋ ਅਲਰਟ ਹੈ, ਜਿਸ ਦੇ ਤਹਿਤ ਆਉਣ ਵਾਲੇ ਕੁਝ ਘੰਟਿਆਂ ‘ਚ ਭਾਰੀ ਬਾਰਿਸ਼ ਹੋਵੇਗੀ। ਸਤਲੁਜ ਦਰਿਆ ਵਿੱਚ ਪਾੜ ਪੈਣ ਕਾਰਨ ਸਥਿਤੀ ਚਿੰਤਾਜਨਕ ਹੋ ਗਈ ਹੈ। ਦੂਜੇ ਪਾਸੇ 13 ਜੁਲਾਈ ਤੱਕ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਸ ਦੌਰਾਨ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਲਗਾਤਾਰ ਮੀਂਹ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬੰਦ ਰਹਿਣਗੇ।
ਦੂਜੇ ਪਾਸੇ ਜ਼ੀਰਕਪੁਰ ਵਿੱਚ ਬੀਤੇ ਸ਼ਨੀਵਾਰ ਤੋਂ ਭਾਰੀ ਮੀਂਹ ਜਾਰੀ ਹੈ। ਕਈ ਇਲਾਕਿਆਂ ‘ਚ ਪਿਛਲੇ 24 ਘੰਟਿਆਂ ਤੋਂ ਬਿਜਲੀ ਨਹੀਂ ਹੈ। ਬਿਜਲੀ ਨਾ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਹੁਕਮਾਂ ‘ਤੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਵੀ ਕੀਤੀ ਹੈ।
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਭਾਰੀ ਮੀਂਹ ਕਾਰਨ ਬਚਾਅ ਕਾਰਜ ਅਤੇ ਹੋਰ ਤਿਆਰੀਆਂ ਨੂੰ ਲੈ ਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਈ। ਜਿਸ ਵਿਚ ਪੁਲਿਸ, ਪਾਵਰਕਾਮ, ਪ੍ਰਸ਼ਾਸਨ, ਖੇਤੀਬਾੜੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹੋਏ | ਇਸ ਮੀਟਿੰਗ ਵਿੱਚ ਮੁੱਖ ਸਕੱਤਰ ਨੇ ਜ਼ਿਲ੍ਹਿਆਂ ਦੀ ਸਥਿਤੀ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਦੋਰਾਹਾ, ਖੰਨਾ, ਲੁਧਿਆਣਾ ਵਿੱਚ ਨਹਿਰ ਟੁੱਟਣ ਨਾਲ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਪਹੁੰਚ ਗਿਆ। ਨਹਿਰ ਦੇ ਨਾਲ ਲੱਗਦੇ ਫੌਜੀ ਖੇਤਰ ਵਿੱਚ ਵੀ ਪਾਣੀ ਭਰ ਗਿਆ। ਤੁਰੰਤ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੇ ਫ਼ੌਜ ਦੀ ਮਦਦ ਨਾਲ ਜੇਸੀਬੀ ਤੇ ਹੋਰ ਮਸ਼ੀਨਰੀ ਬੁਲਾ ਕੇ ਬੰਨ੍ਹ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ।
ਇਸ ਤੋਂ ਇਲਾਵਾ ਐਨ.ਡੀ.ਆਰ.ਐਫ ਦੀ ਮਦਦ ਨਾਲ ਕੀਰਤਪੁਰ ਸਾਹਿਬ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਅੱਜ ਚੌਕਸੀ ਦੇ ਚੱਲਦਿਆਂ ਅੰਬਾਲਾ ਦੇ ਡੀਸੀ ਨੇ ਜਲੰਧਰ-ਪਾਣੀਪਤ ਨੈਸ਼ਨਲ ਹਾਈਵੇਅ 44 ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।ਅੰਬਾਲਾ ਵਿੱਚ ਘੱਗਰ ਨਦੀ ਨੇੜੇ ਆਵਾਜਾਈ ਵੀ ਬੰਦ ਕਰ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਸੂਬੇ ਵਿੱਚ ਨਦੀਆਂ ਅਤੇ ਨਹਿਰਾਂ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਇਸ ਕਾਰਨ ਸਤਲੁਜ ਦਰਿਆ ਦੇ ਆਲੇ-ਦੁਆਲੇ ਵਸੇ 15 ਤੋਂ 20 ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਜਲੰਧਰ ਦੇ 2 ਸ਼ਹਿਰਾਂ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜੰਡਿਆਲਾ ਗੁਰੂ ‘ਚ ਬੰਡਾਲਾ ਦੇ ਆਸ-ਪਾਸ ਦੇ ਇਲਾਕੇ ‘ਚ ਨਹਿਰ ਦੀ ਚਾਰਦੀਵਾਰੀ ਟੁੱਟਣ ਕਾਰਨ ਕਰੀਬ 200 ਏਕੜ ਫਸਲ ਪਾਣੀ ‘ਚ ਡੁੱਬ ਗਈ ਹੈ।