ਪੰਜਾਬ ਦੇ ਮੌਜੂਦਾ ਹਾਲਾਤ ਬਦ-ਤੋਂ-ਬਦਤਰ ਹੋਏ ਪਏ ਹਨ, ਜਦੋਂ ਕਿ ਪੰਜਾਬ ਸਰਕਾਰ ਸਿਰਫ਼ ਹੱਥ ’ਤੇ ਹੱਥ ਧਰ ਕੇ ਮੂਕ ਦਰਸ਼ਕ ਬਣੀ ਬੈਠੀ ਹੈ, ਜੋ ਕਿ ਬਹੁਤ ਹੀ ਮਾੜੀ ਗੱਲ ਹੈ। ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ, ਜਿੰਨਾਂ ਨੇ ਇਹ ਬਿਆਨ ਬੀਤੇ ਕੱਲ੍ਹ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਨੇਤਾ ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਹੋਰਨਾ ਆਗੂਆਂ ਨਾਲ ਇਕ ਮੀਟਿੰਗ ਦੌਰਾਨ ਦਿੱਤਾ ਹੈ।
ਇਸ ਦੌਰਾਨ ਬਾਦਲ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਪੰਜਾਬ ਦੇ ਸਿਆਸੀ ਹਾਲਾਤ ਅਤੇ ਪੰਜਾਬ ਦੇ ਵਿਕਾਸ ਬਾਰੇ ਵੀ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਅੱਜ ਇਸ ਤਰ੍ਹਾਂ ਜਾਪ ਰਹੇ ਹਨ, ਜਿਵੇਂ ਕੋਈ ਪੰਜਾਬ ਦਾ ਵਾਲੀ ਵਾਰਸ ਹੀ ਨਾ ਹੋਵੇ। ਹਰ ਪਾਸੇ ਕ੍ਰਾਈਮ ਕਰ ਕੇ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ। ਪਹਿਲਾਂ ਕਾਂਗਰਸ ਨੇ ਜਮ ਕੇ ਲੋਕਾਂ ਦੀ ਲੁੱਟ ਕੀਤੀ। ਹੁਣ ਆਮ ਆਦਮੀ ਪਾਰਟੀ ਵੀ ਉਸੇ ਰਾਹ ’ਤੇ ਚੱਲ ਕੇ ਲੋਕਾਂ ਨੂੰ ਮੂਰਖ ਬਣਾਉਣ ’ਚ ਮਸ਼ਰੂਫ ਨਜ਼ਰ ਆ ਰਹੀ ਹੈ, ਜਿਸ ਦਾ ਅਕਾਲੀ ਦਲ ਵੱਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੁਣ ਅਕਾਲੀ ਦਲ ਵੱਲੋਂ ਹੀ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਦੇ ਨਾਂ ’ਤੇ ਦਾਅਵੇ ਤਾਂ ਵੱਡੇ-ਵੱਡੇ ਕੀਤੇ ਜਾ ਰਹੇ ਹਨ ਪਰ ਅਮਲੀਜਾਮਾ ਕਿਸੇ ਇਕ ਵੀ ਦਾਅਵੇ ਨੂੰ ਪੈਂਦਾ ਨਜ਼ਰ ਨਹੀਂ ਆ ਰਿਹਾ।