ਸਰਕਾਰ ਵਲੋਂ ਬਰਖਾਸਤ ਕੀਤੇ ਗਏ ਪੰਜਾਬ ਪੁਲਿਸ ਦੇ ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਲਗਾਤਾਰ ਮੁਸ਼ਕਿਲਾਂ ‘ਚ ਧੱਸਦੇ ਜਾ ਰਹੇ ਹਨ। ਦਰਅਸਲ, ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਦੇ ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਾਬਕਾ ਡੀ.ਐੱਸ.ਪੀ. ਖ਼ਿਲਾਫ਼ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ ਜਿਸ ਤੋਂ ਬਾਅਦ ਪੁਲਿਸ ਨੇ ਸੇਖੋਂ ਨੂੰ ਉਸਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਹੈ।
ਦਸਣਯੋਗ ਹੈ ਕਿ ਡੀ.ਐਸ.ਪੀ. ਸੇਖੋਂ ਵੱਲੋਂ ਕੁਝ ਦਿਨ ਪਹਿਲਾਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਸੀ ਜਿਸ ਦੌਰਾਨ ਉਹਨਾਂ ਵਲੋਂ ਹਾਈਕੋਰਟ ਦੇ ਜੱਜਾਂ ਖ਼ਿਲਾਫ਼ ਗਲਤ ਸ਼ਬਦਾਬਲੀ ਵਰਤੀ ਗਈ ਸੀ, ਜਿਸ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਅੱਜ ਉਪਰੋਕਤ ਹੁਕਮ ਜਾਰੀ ਕੀਤੇ ਤੇ ਫਿਰ ਪੁਲਿਸ ਨੇ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਸੇਖੋਂ ਨੇ ਸੂਬੇ ‘ਚ ਵੱਧ ਰਹੇ ਨਸ਼ੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਪੰਜਾਬ ਦੇ ਦੋ ਸਾਬਕਾ ਡੀ.ਜੀ.ਪੀਜ਼ ਅਤੇ ਅਕਾਲੀ ਦਲ ਸਮੇਤ ਕਈ ਪਾਰਟੀਆਂ ਦੇ ਆਗੂਆਂ ‘ਤੇ ਨਸ਼ਾ ਵੇਚਣ ਦੇ ਦੋਸ਼ ਲਾਏ ਹਨ। ਸੇਖੋਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਪੰਜਾਬ ਦੀ ਜਵਾਨੀ ਬਰਬਾਦ ਕੀਤੀ ਜਾ ਰਹੀ ਹੈ।