ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 24 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਏ ਜਾਣ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ। ਇਸ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੈ। ਜਿਸ ਵਿਚ ਹੁਣ ਇਹ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਨੂੰ ਹੀ ਸ਼ੁਰੂ ਹੋਵੇਗਾ। ਸੁਪਰੀਮ ਕੋਰਟ ਦੇ ਵਿਚ ਗਵਰਨਰ ਦੇ ਵਕੀਲ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਰਾਜਪਾਲ ਪੁਰੋਹਿਤ ਨੇ ਬਜਟ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਇਕ ਪਾਸੇ ਚੀਫ਼ ਜਸਟਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਭਾਸ਼ਾ ‘ਤੇ ਸਵਾਲ ਵੀ ਚੁੱਕੇ ਹਨ। ਉਥੇ ਹੀ ਉਹਨਾਂ ਕਿਹਾ ਗਵਰਨਰ ਇਜਲਾਸ ਬੁਲਾਉਣ ਤੋਂ ਮਨਾ ਨਹੀਂ ਕਰ ਸਕਦਾ ਹੈ।
ਦਸਣਯੋਗ ਹੈ ਕਿ ਪੰਜਾਬ ਕੈਬਨਿਟ ਨੇ 21 ਫਰਵਰੀ ਨੂੰ ਮੀਟਿੰਗ ਕਰਕੇ ਬਜਟ ਸੈਸ਼ਨ 3 ਮਾਰਚ ਤੋਂ 24 ਮਾਰਚ ਤੱਕ ਸੱਦੇ ਜਾਣ ਦੀ ਸਿਫ਼ਾਰਸ਼ ਕੀਤੀ ਸੀ ਤੇ ਇਸ ਨੂੰ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਸੀ। ਉਥੇ ਹੀ ਰਾਜਪਾਲ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿੱਖ ਕੇ ਜਿਥੇ ਬਜਟ ਸੈਸ਼ਨ ਬੁਲਾਉਣ ਲਈ ਇਨਕਾਰ ਕਰ ਦਿੱਤਾ ਸੀ ਉਥੇ ਹੀ ਉਹਨਾਂ ਕਿਹਾ ਸੀ ਕਿ ਉਹ ਮੁੱਖ ਮੰਤਰੀ ਵੱਲੋਂ ਕੀਤੇ ‘ਅਪਮਾਨਜਨਕ’ ਟਵੀਟ ਤੇ 14 ਫਰਵਰੀ ਨੂੰ ਲਿਖੇ ਪੱਤਰ ’ਤੇ ਪਹਿਲਾਂ ਕਾਨੂੰਨੀ ਸਲਾਹ ਲੈਣਗੇ ਤੇ ਉਸ ਪਿੱਛੋਂ ਬਜਟ ਸੈਸ਼ਨ ਸੱਦਣ ਬਾਰੇ ਫ਼ੈਸਲਾ ਲਿਆ ਜਾਵੇਗਾ।