ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਜ ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਕੱਲ੍ਹ ਮੰਗਲਵਾਰ ਨੂੰ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਹੁਕਮ ਦਿੱਤੇ ਸਨ ਅਤੇ ਸਰਕਾਰ ਵੱਲੋਂ ਜਵਾਬ ਲਈ ਸਮਾਂ ਮੰਗਣ ’ਤੇ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਸੀ। ਇਥੇ ਦਸ ਦਈਏ ਕਿ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਛੇ ਮਹੀਨੇ ਪਹਿਲਾਂ ਆਪਣੀ ਸੇਵਾਕਾਲ ਖ਼ਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਿਸ ਦੀ ਸੁਣਵਾਈ ਅੱਜ ਹਾਈਕੋਰਟ ਕਰੇਗਾ ਅਤੇ ਸਰਕਾਰ ਨੂੰ ਆਪਣਾ ਜਵਾਬ ਪੇਸ਼ ਕਰਨਾ ਹੋਵੇਗਾ।
ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਫਿਰ ਸਾਲ 2020 ਵਿੱਚ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਲਈ ਵਧਾ ਦਿੱਤਾ ਗਿਆ। ਇਸ ਤੋਂ ਬਾਅਦ 20 ਫਰਵਰੀ 2022 ਨੂੰ ਉਹ ਵੀ ਭਾਜਪਾ ‘ਚ ਸ਼ਾਮਲ ਹੋ ਗਈ ਪਰ ਆਪਣੇ ਅਹੁਦੇ ‘ਤੇ ਬਣੀ ਰਹੀ।
ਦਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਸਬੰਧਤ ਵਿਭਾਗ ਵੱਲੋਂ ਮਨੀਸ਼ਾ ਗੁਲਾਟੀ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 (ਹੋਰ ਸੋਧ) ਵਿਚ ਕਮਿਸ਼ਨ ਦੇ ਮੌਜੂਦਾ ਚੇਅਰਪਰਸਨ ਜਾਂ ਮੈਂਬਰਾਂ ਦੀ ਸੇਵਾ ਵਿਚ ਵਾਧਾ ਕਰਨ ਦੀ ਕੋਈ ਵਿਵਸਥਾ ਨਹੀਂ ਹੈ। ਚੇਅਰਪਰਸਨ ਅਤੇ ਮੈਂਬਰਾਂ ਦਾ ਕਾਰਜਕਾਲ ਸਿਰਫ਼ ਤਿੰਨ ਸਾਲ ਦਾ ਹੁੰਦਾ ਹੈ।