ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਕਾਂਗਰਸ ਸਰਕਾਰ ਸਮੇਂ ਜੰਗਲਾਤ ਵਿਭਾਗ ਦੇ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਬੀਤੀ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਿੰਨਾ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦਸ ਦਈਏ ਕਿ ਮੁਹਾਲੀ ਥਾਣੇ ਵਿੱਚ ਦਰਜ ਨਵੀਂ ਐਫਆਈਆਰ ਭ੍ਰਿਸ਼ਟਾਚਾਰ ਐਕਟ ਦੀ ਧਾਰਾ 13 (ਬੀ), 13 (ਏ) ਤਹਿਤ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਕੁਝ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 1 ਮਾਰਚ 2016 ਤੋਂ 21 ਮਾਰਚ 2022 ਤੱਕ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 594.48 ਰੁਪਏ ਸੀ ਜਦਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888.86 ਰੁਪਏ ਸੀ ਜੋ ਕਿ 6,39,18, 292.39 ਰੁਪਏ ਵੱਧ ਸੀ। ਮੁਲਜ਼ਮ ਸਾਧੂ ਸਿੰਘ ਦੀ ਆਮਦਨ ਸਰੋਤਾਂ ਤੋਂ 269 ਵੱਧ ਸੀ। ਜ਼ਿਕਰਯੋਗ ਹੈ ਕਿ ਸਾਧੂ ਸਿੰਘ ਨੂੰ ਪਿਛਲੇ ਸਾਲ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।
2017 ਤੋਂ 2021 ਤੱਕ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਰਹੇ ਧਰਮਸੋਤ ਨੂੰ ਵਜ਼ੀਫ਼ਾ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਰ 89 ਦਿਨਾਂ ਬਾਅਦ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਮੰਤਰੀ ਹੁੰਦਿਆਂ ਧਰਮਸੋਤ ‘ਤੇ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਧਿਕਾਰੀਆਂ ਦੇ ਤਬਾਦਲੇ ਅਤੇ ਐਨਓਸੀ ਜਾਰੀ ਕਰਨ ਵਿੱਚ ਬੇਨਿਯਮੀਆਂ ਦੇ ਦੋਸ਼ ਵੀ ਲੱਗੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮਾਰਚ 2022 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਵੱਲੋਂ ਦੂਜੀ ਵਾਰ ਗ੍ਰਿਫ਼ਤਾਰ ਕੀਤਾ ਗਿਆ ਹੈ, ਪਰ ਕਾਂਗਰਸ ਸਰਕਾਰ ਸਮੇਂ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ।