ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਸੀ.ਆਈ.ਏ. ਸਮਾਣਾ, ਪਟਿਆਲਾ ਵਿੱਚ ਤਾਇਨਾਤ ਏ.ਐਸ.ਆਈ. ਰਘੁਵੀਰ ਸਿੰਘ ਨੂੰ 6 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ 4 ਲੱਖ ਰੁਪਏ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ਼ੰਪੀ ਸਿੰਘ ਪੁੱਤਰ ਪਰਮਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਗਿ੍ਫ਼ਤਾਰ ਕੀਤਾ ਗਿਆ ਹੈ |
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ. ਉਹ ਸਬੰਧਤ ਥਾਣੇ ਵਿੱਚ ਆਪਣੇ ਖ਼ਿਲਾਫ਼ ਦਰਜ ਹੋਏ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਬਦਲੇ 10 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਉਸ ਨੇ ਦੋਸ਼ ਲਾਇਆ ਕਿ ਉਕਤ ਏਐਸਆਈ 27-04-2023 ਨੂੰ ਪਹਿਲਾਂ ਹੀ 6 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਓਰੋ ਯੂਨਿਟ ਪਟਿਆਲਾ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਪਾਸੋਂ 6 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਅਤੇ ਬਾਕੀ ਰਕਮ ਦੀ ਮੰਗ ਕਰਨ ਦੇ ਦੋਸ਼ੀ ਪਾਏ ਜਾਣ ‘ਤੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਏ.ਐਸ. ਆਈ. ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮੰਗਲਵਾਰ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।