ਪੰਜਾਬ ਦੇ ਸਕੂਲਾਂ ‘ਚ ਬਿਹਤਰ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸਕੂਲਾਂ ਅਤੇ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਬਾਬਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 15,584 ਸਰਕਾਰੀ ਸਕੂਲਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ 80 ਫੀਸਦੀ ਸਕੂਲਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲੱਗ ਜਾਣਗੇ। ਉਨ੍ਹਾਂ ਕਿਹਾ ਸਕੂਲ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਨਾਲ ਜਿੱਥੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣ ਜਾਵੇਗੀ, ਉਥੇ ਸਕੂਲਾਂ ਵਿਚ ਹੋਣ ਵਾਲੀ ਚੋਰੀਆਂ ਨੂੰ ਵੀ ਠੱਲ੍ਹ ਪਵੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿਦਿਆਰਥੀਆਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।