ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅਦਾਲਤ ‘ਚ ਪੇਸ਼ ਕਰਕੇ ਉਹਨਾਂ ਦਾ 3 ਦਿਨਾਂ ਰਿਮਾਂਡ ਲਿਆ ਗਿਆ ਸੀ ਅਤੇ ਅੱਜ ਸਾਬਕਾ ਮੰਤਰੀ ਧਰਮਸੋਤ ਦਾ ਤਿੰਨ ਦਿਨਾਂ ਦਾ ਰਿਮਾਂਡ ਖਤਮ ਹੋ ਗਿਆ ਹੈ। ਪੁਲਿਸ ਰਿਮਾਂਡ ਦੇ ਖ਼ਤਮ ਹੋਣ ਮਗਰੋਂ ਅੱਜ ਮੁੜ ਸਾਬਕਾ ਜੰਗਲਾਤ ਮੰਤਰੀ ਧਰਮਸੋਤ ਨੂੰ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਉਹਨਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਦਸ ਦਈਏ ਕਿ ਵਿਜੀਲੈਂਸ ਬਿਊਰੋ ਨੇ ਅਦਾਲਤ ਤੋਂ ਧਰਮਸੋਤ ਲਈ 4 ਦਿਨਾਂ ਦੀ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਫਿਲਹਾਲ ਧਰਮਸੋਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦੀਤਾ ਹੈ। ਤੁਹਾਨੂੰ ਦੱਸ ਦਈਏ ਕਿ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਵਿਜੀਲੈਂਸ ਬਿਊਰੋ ਨੇ ਚੈਕਿੰਗ ਅਰਸਾ 01-03-2016 ਤੋਂ 31-03-2022 ਤੱਕ ਦੀ ਕੀਤੀ ਪੜਤਾਲ ਕੀਤੀ ਸੀ। ਇਸ ਦੌਰਾਨ ਦੌਰਾਨ ਸਾਬਕਾ ਮੰਤਰੀ ਧਰਮਸੋਤ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਜਦਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਕਾਰਵਾਈ ਕਰਦੇ ਹੋਏ ਸਾਬਕਾ ਮੰਤਰੀ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ।