ਬੀਤੇ ਕੱਲ੍ਹ ਜ਼ਿਲ੍ਹਾ ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਜ਼ਹਿਰੀਲੀ ਗੈਸ ਲੀਕ ਹੋ ਗਈ ਸੀ ਜਿਸ ਕਾਰਨ ਲਗਭਗ 11 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੁਖ਼ਦ ਘਟਨਾ ਨੂੰ ਲੈ ਕੇ ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹਰੇਕ ਜ਼ਖ਼ਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ (PMO) ਵਲੋਂ ਟਵੀਟ ਕਰ ਕੇ ਦਿੱਤੀ ਗਈ।
ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਦੁੱਖਦ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ, ਪ੍ਰਧਾਨ ਮੰਤਰੀ @narendramodi ਨੇ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।
— PMO India (@PMOIndia) May 1, 2023
ਦੱਸਣਯੋਗ ਹੈ ਕਿ ਲੁਧਿਆਣਾ ਦੇ ਗਿਆਸਪੁਰਾ ਰਿਹਾਇਸ਼ੀ ਇਲਾਕੇ ‘ਚ ਐਤਵਾਰ ਨੂੰ ਇਕ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 12 ਲੋਕ ਬੀਮਾਰ ਹੋ ਗਏ। ਜਿਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ ‘ਚ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਮਗਰੋਂ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ‘ਚ 5 ਔਰਤਾਂ ਅਤੇ 4 ਪੁਰਸ਼ਾਂ ਸਮੇਤ 2 ਬੱਚੇ ਸ਼ਾਮਲ ਹਨ। ਬੱਚਿਆਂ ਦੀ ਉਮਰ 10 ਅਤੇ 13 ਸਾਲ ਹੈ। ਮਰਨ ਵਾਲਿਆਂ ‘ਚ 5 ਲੋਕ ਇਕੋ ਪਰਿਵਾਰ ਦੇ ਹਨ, ਜੋ ਕਿ ਗਯਾ ਸੂਬੇ ਨਾਲ ਸਬੰਧ ਰੱਖਦੇ ਹਨ। ਹਾਦਸਾ ਸਵੇਰੇ 7:15 ਵਜੇ ਸ਼ਹਿਰ ਦੇ ਗਿਆਸਪੁਰਾ ਇੰਡਸਟਰੀਅਲ ਏਰੀਆ ਨੇੜੇ ਇਕ ਇਮਾਰਤ ਵਿਚ ਬਣੇ ਮਿਲਕ ਬੂਥ ਵਿਚ ਵਾਪਰਿਆ।