ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਡੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸਿੱਖ ਜਥੇਬੰਦੀਆਂ ਵਲੋਂ ਮੋਹਾਲੀ-ਚੰਡੀਗੜ੍ਹ ਦੀ ਸ਼ਾਂਝੀ ਹੱਦ ‘ਤੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਅੱਜ 31 ਸਿੱਖ ਆਗੂ ਟਰਾਲੀ ’ਤੇ ਜਾਪ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਬਾਹਰ ਲਗਾਤਾਰ ਧਰਨਾ ਲਗਾਉਣ ਲਈ ਰਵਾਨਾ ਹੋਏ। ਪਰ ਇਸ ਦਰਮਿਆਨ ਮਾਹੌਲ ਉਸ ਵਖ਼ਤ ਗਰਮਾਉਂਦਾ ਹੋਇਆ ਵਿਖਾਈ ਦਿੱਤਾ ਜਦੋਂ ਇਹਨਾਂ ਆਗੂਆਂ ਨੂੰ ਚੰਡੀਗੜ੍ਹ ਬਾਰਡਰ ‘ਤੇ ਪੁਲਿਸ ਅਧਿਕਾਰੀਆਂ ਵਲੋਂ ਰੋਕ ਲਿਆ ਗਿਆ। ਹੋਰ ਤਾਂ ਹੋਰ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਵੀ ਹਿਰਾਸਤ ਵਿਚ ਲਿਆ ਜਾ ਰਿਹਾ ਹੈ।
ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅ ਵੀ ਵੇਖਣ ਨੂੰ ਮਿਲ ਰਿਹਾ ਹੈ। ਦਸ ਦਈਏ ਕਿ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਸੀ.ਐਮ. ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਪੁਲਿਸ ਵਲੋਂ ਉਹਨਾਂ ਨੂੰ ਚੰਡੀਗੜ੍ਹ ਬਾਰਡਰ ‘ਤੇ ਰੋਕ ਲਿਆ ਗਿਆ ਅਤੇ ਉਹਨਾਂ ਨੂੰ ਚੰਡੀਗੜ੍ਹ ‘ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।