ਪਾਕਿਸਤਾਨ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈਕੇ ਰਾਜਸੀ ਤੇ ਧਾਰਮਿਕ ਆਗੂਆਂ ਵਲੋਂ ਇਸ ਦੀ ਸਖ਼ਤ ਸ਼ਬਦਾ ਵਿਚ ਨਿੰਦਾ ਕੀਤੀ ਜਾ ਰਹੀ ਹੈ। ਇਸਦੇ ਦਰਮਿਆਨ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਇਸ ਘਟਨਾ ਦੀ ਨਿਖੇਦੀ ਕੀਤੀ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਜਿਥੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ।
SGPC ਪ੍ਰਧਾਨ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ਤੇ ਹਮਲੇ ਹੋ ਚੁੱਕੇ ਹਨ, ਪਰ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲੇ ਵਿਚ ਵੀ ਪੁਲਿਸ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਸਗੋਂ ਸਿੱਖਾਂ ਤੇ ਦਬਾਅ ਬਣਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗਲ ਕਰਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।
ਨਾਲ ਹੀ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪਾਕਿਸਤਾਨ ਦੀ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਜ਼ਰੂਰ ਕੀਤ ਜਾਵੇ।