ਇਸ ਵੇਲੇ ਦੀ ਵੱਡੀ ਖ਼ਬਰ ਬੰਦੀ ਸਿੱਖ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਅੰਮ੍ਰਿਤਸਰ ਦੀ ਜੇਲ੍ਹ ‘ਚ ਸਜ਼ਾ ਕੱਟ ਰਹੇ ਬੰਦੀ ਸਿੰਘ ਗੁਰਦੀਪ ਸਿੰਘ ਖਹਿਰਾ ਨੂੰ 2 ਮਹੀਨਿਆਂ ਦੀ ਪੈਰੋਲ ਮਿਲ ਗਈ ਹੈ। ਕਰਨਾਟਕ ਦੀ ਜੇਲ੍ਹ ਤੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਤਬਦੀਲ ਕੀਤੇ ਗਏ ਗੁਰਦੀਪ ਸਿੰਘ ਖਹਿਰਾ 2 ਮਹੀਨੇ ਲਈ ਪੈਰੋਲ ‘ਤੇ ਬਾਹਰ ਆ ਰਹੇ ਹਨ। ਦਸ ਦਈਏ ਕਿ ਗੁਰਦੀਪ ਸਿੰਘ ਖਹਿਰਾ ਨੂੰ 6 ਫਰਵਰੀ ਨੂੰ 8 ਹਫ਼ਤਿਆਂ ਦੀ ਪੈਰੋਲ ਦਿੱਤੀ ਗਈ ਹੈ।
ਦਸਣਯੋਗ ਹੈ ਕਿ ਗੁਰਦੀਪ ਸਿੰਘ ਬਾਬਾ ਬਕਾਲਾ ਦੇ ਪਿੰਡ ਜੱਲੂਪੁਰ ਖੇੜਾ ਦਾ ਰਹਿਣ ਵਾਲੇ ਹਨ ਅਤੇ ਉਹਨਾਂ ਉਤੇ ਦਿੱਲੀ ਦੇ ਬੰਬ ਧਮਾਕਿਆਂ ਦਾ ਦੋਸ਼ ਹੈ। ਉਸ ਨੂੰ 1990 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ 1991 ਵਿਚ ਗੁਰਦੀਪ ਖਹਿਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਸੀ। ਹੁਣ ਖਹਿਰਾ ਕਰੀਬ 32 ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ।
ਦਸਣਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਸੰਘਰਸ਼ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਸਿੱਖ ਜਥੇਬੰਦੀਆਂ ਵੱਲੋਂ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦਰਮਿਆਨ ਇਕ ਬੰਦੀ ਸਿੱਖ ਨੂੰ ਪੈਰੋਲ ਮਿਲਣੀ ਪ੍ਰਦਰਸ਼ਨਕਾਰੀਆਂ ਲਈ ਇਕ ਚੰਗੀ ਖ਼ਬਰ ਹੈ।