ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅਗਲੇ ਮਹੀਨੇ ਯਾਨੀ ਮਾਰਚ ਵਿਚ ਸੱਦਿਆ ਜਾਣਾ ਹੈ। ਜਿਸ ਨੂੰ ਲੈਕੇ SGPC ਵਲੋਂ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਮੰਗੇ ਗਏ ਹਨ। ਇਸ ਨੂੰ ਲੈਕੇ ਇਕ ਈਮੇਲ ਵੀ ਜਾਰੀ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਨੂੰ ਅਹਿਮ ਰੱਖਿਆ ਜਾਵੇਗਾ। ਬਜਟ ਦੇ ਸਬੰਧ ਵਿਚ ਵਿਚਾਰ ਅਤੇ ਸੁਝਾਅ ਭੇਜਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੀ ਵਾਰ ਇਕ ਈਮੇਲ ਜਾਰੀ ਕੀਤੀ ਗਈ ਹੈ।
ਭਾਈ ਗਰੇਵਾਲ ਨੇ ਦੱਸਿਆ ਕਿ ਇਸ ਵਾਰ ਬਜਟ ਤਰਜ਼ੀਹਾਂ ਨਿਰਧਾਰਤ ਕਰਨ ਵਾਸਤੇ ਸਬ-ਕਮੇਟੀ ਦੇ ਵਿਚਾਰ ਮਸ਼ਵਰੇ ਤੋਂ ਇਲਾਵਾ ਸੰਗਤਾਂ ਦੇ ਸੁਝਾਅ ਵੀ ਲਏ ਜਾ ਰਹੇ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ sgpcbudgetsuggestions@gmail.com ਈਮੇਲ ਜਾਰੀ ਕੀਤੀ ਗਈ ਹੈ। ਇਸ ਈਮੇਲ ਨੂੰ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਮੰਚਾਂ ’ਤੇ ਵੀ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਹੈ ਕਿ ਬਜਟ ਨੂੰ ਲੈ ਕੇ ਆਪੋ-ਆਪਣੇ ਕੀਮਤੀ ਸੁਝਾਅ ਭੇਜਣ, ਤਾਂ ਜੋ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਬਜਟ ਤਿਆਰ ਕੀਤਾ ਜਾ ਸਕੇ।
ਦਸ ਦਈਏ ਕਿ ਬਜਟ ਇਜਲਾਸ ਨੂੰ ਲੈਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਸਬ-ਕਮੇਟੀ ਗਠਤ ਕੀਤੀ ਗਈ ਹੈ। ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਸਰਵਨ ਸਿੰਘ ਕੁਲਾਰ ਤੇ ਕੁਲਵੰਤ ਸਿੰਘ ਮੰਨਣ ਸ਼ਾਮਲ ਹਨ।