ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਬੋਨੀ ਅਜਨਾਲਾ ਆਪਣੇ ਸਾਥੀਆਂ ਸਮੇਤ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਬੀਜੇਪੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸਾਬਕਾ ਵਿਧਾਇਕ ਬੋਨੀ ਅਤੇ ਮਨਮੋਹਨ ਸਿੰਘ ਤੋਂ ਇਲਾਵਾ ਕਈ ਆਗੂਆਂ ਨੂੰ ਭਾਜਪਾ ਵਿਚ ਸ਼ਾਮਲ ਕਰਾਇਆ ਗਿਆ ਹੈ।
ਦਸ ਦਈਏ ਕਿ ਅਜਨਾਲਾ ਵਿਧਾਨ ਸਭਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਲੰਘੀ 11 ਫਰਵਰੀ ਨੂੰ ਆਪਣਾ ਅਸਤੀਫਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਸੀ। ਜਿਸ ਵਿੱਚ ਉਹਨਾਂ ਲਿਖਿਆ ਸੀ ਕਿ ਉਹ ਆਪਣੀ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ। ਨਾਲ ਹੀ ਤੁਹਾਨੂੰ ਦਸ ਦਈਏ ਕਿ ਬੋਨੀ ਅਜਨਾਲਾ ਨੇ ਦੂਜੀ ਵਾਰ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਬੋਨੀ ਅਜਨਾਲਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ 2018 ‘ਚ ਅਸਤੀਫਾ ਦੇ ਦਿੱਤਾ ਸੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ‘ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਸਨ। ਪਰ ਫਿਰ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਬੋਨੀ ਅਜਨਾਲਾ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਅਤੇ 2022 ਵਿਚ ਅਕਾਲੀ ਦਲ ਦੀ ਟਿਕਟ ‘ਤੇ ਪੰਜਵੀਂ ਵਾਰ ਵਿਧਾਨ ਸਭਾ ਚੋਣ ਲੜੇ ਸਨ।
ਦੂਜੀ ਵਾਰ ਦਿੱਤੇ ਅਸਤੀਫੇ ਵਿਚ ਬੋਨੀ ਨੇ ਲਿਖਿਆ ਕਿ ਮੈਂ ਅਕਾਲੀ ਦਲ ਦੀ ਮੈਂਬਰਸ਼ਿਪ ਛੱਡਣ ਲਈ ਮਜਬੂਰ ਹਾਂ ਕਿਉਂਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਪਾਰਟੀ ਵਿੱਚ ਕੁਝ ਠੀਕ ਨਹੀਂ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦੀ ਪਿੱਠ ‘ਚ ਛੁਰਾ ਮਾਰਨ ਵਾਲਿਆਂ ਨੂੰ ਹਲਕਾ ਇੰਚਾਰਜ ਥਾਪਿਆ ਜਾ ਰਿਹਾ ਹੈ।