ਮੁੜ ਅਹੁਦਾ ਸੰਭਾਲਣ ਤੋਂ ਬਾਅਦ ‘ਪੰਜਾਬ ਰਾਜ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇਕ ਵੀਡੀਓ ਜਾਰੀ ਕਰਕੇ ਅਹਿਮ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਸਭ ਪਰਮਾਤਮਾ ਦੀ ਕਿਰਪਾ ਕਰਕੇ ਹੋਇਆ ਹੈ। ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਉਨ੍ਹਾਂ ਦੇ ਕੋਈ ਵੀ ਮਤਭੇਦ ਨਹੀਂ ਹਨ ਅਤੇ ਉਹ ਪੰਜਾਬ ਸਰਕਾਰ ਦਾ ਪੂਰਾ ਸਤਿਕਾਰ ਕਰਦੇ ਹਨ। ਇਹ ਸਿਰਫ਼ ਮਾਣ-ਸਨਮਾਣ ਦੀ ਲੜਾਈ ਸੀ। ਉਹ ਸਿਰਫ ਅਦਾਲਤ ‘ਚ ਤਾਂ ਹੀ ਗਏ ਸੀ ਕਿਉਂਕਿ ਸਰਕਾਰ ਦਾ ਕਹਿਣਾ ਸੀ ਕਿ ਕਾਰਜਕਾਲ ‘ਚ ਵਾਧਾ ਮਿਲਣ ਦਾ ਕੋਈ ਨਿਯਮ ਨਹੀਂ ਹੈ, ਜਦੋਂ ਕਿ ਮੇਰਾ ਮੰਨਣਾ ਸੀ ਕਿ ਕਮਿਸ਼ਨ ਦੇ ਬਣਨ ਤੋਂ ਲੈ ਕੇ ਹੁਣ ਤੱਕ ਇਹ ਸਹੂਲਤ ਮਿਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਸਰਕਾਰ ਵੱਲੋਂ ਬੀਤੇ ਦਿਨ ਵਾਪਸ ਲੈ ਲਏ ਗਏ, ਜਿਸ ਕਾਰਨ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ।
ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਮਾਨ ਨੂੰ ਮਿਲਣ ਦਾ ਇਕ ਮੌਕਾ ਭਾਲ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ‘ਚ ਮੁੱਖ ਮੰਤਰੀ ਉਨ੍ਹਾਂ ਨੂੰ ਇਹ ਮੌਕਾ ਦੇਣਗੇ। ਨਾਲ ਹੀ ਉਹਨਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਲਈ ਕੰਮ ਕਰਦੇ ਰਹਿਣਗੇ।