ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ‘ਚ ਬਾਦਲ ਪਰਿਵਾਰ ਦਾ ਨਾਮ ਸਾਹਮਣੇ ਆਉਂਣ ਤੋਂ ਬਾਅਦ ਬਾਦਲਾਂ ਦੀਆਂ ਮੁਸ਼ਕਿਲਾਂ ਲਗਾਤਾਰ ਵੱਧ ਰਹੀਆਂ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ-ਏ-ਕੌਮ ਐਵਾਰਡ ਵਾਪਸ ਲੈਣ ਦੀ ਮੰਗ ਉੱਠਣ ਲੱਗ ਪਈ ਹੈ। ਭਾਰਤੀ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸਪੋਕਸਪਰਸਨ ਆਰ.ਪੀ. ਸਿੰਘ ਨੇ ਟਵੀਟ ਕਰਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਹ ਮੰਗ ਕੀਤੀ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਫ਼ਖ਼ਰ-ਏ-ਕੌਮ ਐਵਾਰਡ ਵਾਪਸ ਕਰਨਾ ਚਾਹੀਦਾ ਹੈ।
ਉਹਨਾਂ ਟਵੀਟ ਜਾਰੀ ਕਰਦਿਆ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਤੋਂ ਬਰੀ ਹੋਣ ਤਕ ਆਪਣਾ ਫ਼ਖ਼ਰ-ਏ-ਕੌਮ ਐਵਾਰਡ ਵਾਪਸ ਕਰਨ ਲਈ ਕਹਿਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ’ਚ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਇਸ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਂ ਹੈ। ਇਸ ਦੇ ਨਾਲ ਹੀ ਚਲਾਨ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ. ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਰਹਿੰਦਿਆਂ ਸਾਲ 2011 ’ਚ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਹੁਣ ਵੇਖਣਾ ਹੋਵੇਗਾ ਕੀ ਪ੍ਰਕਾਸ਼ ਸਿੰਘ ਬਾਦਲ ਇਹ ਐਵਾਰਡ ਵਾਪਸ ਕਰਦੇ ਹਨ ਜਾਂ ਨਹੀਂ।