ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਦੂਜੇ ਦਿਨ ਹੋਏ ਹੰਗਾਮੇ ਤੋਂ ਬਾਅਦ ਅੱਜ ਵੀ ਮਾਹੌਲ ਗਰਮ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਕਿਉਂਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ (ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ) ਇਨਸਾਫ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ਲਗਾਕੇ ਬੈਠ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਇਸ ਵੇਲੇ ਜੋ ਵੀ ਹੋ ਰਿਹਾ ਹੈ, ਉਹ ਸਭ ਕੁਝ ਉਨ੍ਹਾਂ ਦੇ ਪੁੱਤਰ ਦੇ ਕਤਲ ਕੇਸ ਨੂੰ ਦਬਾਉਣ ਲਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੇ ਹੱਕ ‘ਚ ਕੁਝ ਵੀ ਨਹੀਂ ਜਾ ਰਿਹਾ, ਸਾਡੀ ਸਰਕਾਰ ਸਾਡੀ ਗੱਲ ਨਹੀਂ ਸੁਣ ਰਹੀ। ਜਿਸ ਕਾਰਨ ਮੈਂ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠਣ ਲਈ ਮਜਬੂਰ ਹਾਂ। ਉਨ੍ਹਾਂ ਕਿਹਾ ਕਿ ਅਜੇ ਤੱਕ ਕੁਝ ਨਹੀਂ ਹੋਇਆ। ਸਿਰਫ ਗੋਲੀ ਚਲਾਉਣ ਵਾਲਿਆਂ ਨੂੰ ਹੀ ਫੜਿਆ ਗਿਆ ਹੈ।
ਉਨ੍ਹਾਂ ਕਿਹਾ ਕਿ 11 ਮਹੀਨੇ ਹੋ ਗਏ ਹਨ, ਅੱਜ ਤੱਕ ਸਿੱਧੂ ਕਤਲ ਕੇਸ ਦਾ ਚਲਾਨ ਪੇਸ਼ ਨਹੀਂ ਹੋਇਆ। ਸਾਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਕਿ ਸਾਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਜੋਧਪੁਰ ਤੋਂ ਫੜਿਆ ਗਿਆ ਵਿਅਕਤੀ ਕਹਿ ਰਿਹਾ ਹੈ ਕਿ ਉਹ ਨਾਬਾਲਗ ਹੈ। ਇਹ ਸਰਕਾਰ ਕੀ ਕਰੇਗੀ ਜੇ ਨਾਬਾਲਗ ਮੈਨੂੰ ਗੋਲੀ ਮਾਰ ਕੇ ਚਲਾ ਗਿਆ। ਉਨ੍ਹਾਂ ਕਿਹਾ ਕਿ ਜਿਸ ਦਿਨ ਸਰਕਾਰ ਬਦਲੀ, ਮੇਰਾ ਪੁੱਤਰ ਮੇਰੇ ਕੋਲੋਂ ਖੋਹ ਲਿਆ ਗਿਆ। ਜਦੋਂ ਤੱਕ ਕਾਂਗਰਸ ਦੀ ਸਰਕਾਰ ਸੀ, ਮੇਰਾ ਪੁੱਤਰ ਸੁਰੱਖਿਅਤ ਸੀ। ਇਸ ਸਰਕਾਰ ਨੇ ਮੇਰੇ ਤੋਂ ਸਭ ਕੁਝ ਖੋਹ ਲਿਆ।
ਉਨ੍ਹਾਂ ਕਿਹਾ ਕਿ ਗ੍ਰਿਫਤਾਰ ਲੋਕ ਮਾਰੇ ਜਾ ਰਹੇ ਹਨ। ਇਸ ਤਰ੍ਹਾਂ ਗਵਾਹੀਆਂ ਖਤਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜੇ ਚਲਾਨ ਵੀ ਪੇਸ਼ ਨਹੀਂ ਕੀਤਾ ਗਿਆ। ਜਦੋਂ ਕੋਈ ਸਿਆਸੀ ਆਗੂ ਮਾਰਿਆ ਜਾਂਦਾ ਹੈ ਤਾਂ ਹਰ ਕੋਈ ਫੜਿਆ ਜਾਂਦਾ ਹੈ ਪਰ ਮੇਰਾ ਬੇਟਾ ਮਾਰਿਆ ਗਿਆ, ਸਿਰਫ ਗੋਲੀ ਚਲਾਉਣ ਵਾਲਿਆਂ ਨੂੰ ਹੀ ਫੜਿਆ ਗਿਆ ਹੈ। ਸਾਜ਼ਿਸ਼ ਰਚਣ ਵਾਲਿਆਂ ਨੂੰ ਨਹੀਂ ਫੜਿਆ ਗਿਆ। ਇਸ ਦੌਰਾਮ ਬਲਕੌਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਵਿਧਾਨ ਸਭਾ ਚੱਲਦੀ ਰਹੇਗੀ, ਮੈਂ ਹਰ ਰੋਜ਼ ਰੋਸ ਪ੍ਰਦਰਸ਼ਨ ‘ਤੇ ਬੈਠਾਂਗਾ।