ਅਜਨਾਲਾ ਘਟਨਾਕ੍ਰਮ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਕਾਂਗਰਸੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਉਹਨਾਂ ਵਲੋਂ ਲਗਾਤਾਰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੰਮ੍ਰਿਤਪਾਲ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਅੰਮ੍ਰਿਤਪਾਲ ਦੇ ਸਲਾਹਕਾਰ ਲਾਹੌਰ ਜਾਂਦੇ ਹਨ ਅਤੇ ਆਈ. ਐੱਸ. ਆਈ. ਦੇ ਨਾਲ ਸਾਡੇ ਦੇਸ਼ ਵਿਚਲੀਆਂ ਕੁੱਝ ਏਜੰਸੀਆਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ, ਜਿਸ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਜਿੰਨੀ ਜਲਦੀ ਹੋ ਸਕੇ ਗ੍ਰਿਫ਼ਤਾਰ ਕੀਤਾ ਜਾਵੇ, ਅਸੀਂ ਸਰਕਾਰ ਦੇ ਨਾਲ ਹਾਂ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਕੇ ਕੁੱਝ ਲੋਕ ਇੱਥੇ ਗਵਰਨਰ ਰਾਜ ਲਾਗੂ ਕਰਨਾ ਚਾਹੁੰਦੇ ਹਨ ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ ਅਤੇ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਹੀ ਲੋਕਾਂ ਦੇ ਸਾਰੇ ਕੰਮ ਕਰੇਗੀ। ਰਾਜਾ ਵੜਿੰਗ ਨੇ ਅਜਨਾਲੇ ਦੀ ਘਟਨਾ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਘਟਨਾ ਨੇ ਉਨ੍ਹਾਂ ਦੇ ਮਨ ਨੂੰ ਡੂੰਘੀ ਸੱਟ ਪਹੁੰਚਾਈ ਹੈ।
ਰਾਜਾ ਵੜਿੰਗ ਨੇ ਮੁੱਖ ਮੰਤਰੀ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸਾਨੂੰ ਵੀ ਖ਼ੁਸ਼ੀ ਹੁੰਦੀ ਹੈ ਕਿ ਮੁੱਖ ਮੰਤਰੀ ਮਾਨ ਆਮ ਘਰ ‘ਚੋਂ ਉੱਠ ਕੇ ਆਏ ਹਨ ਅਤੇ ਸਾਨੂੰ ਵੀ ਉਮੀਦ ਹੈ ਕਿ ਕੋਈ ਆਮ ਬੰਦਾ ਵੀ ਮੁੱਖ ਮੰਤਰੀ ਬਣ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਨੂੰ ਵਿਦੇਸ਼ ਟ੍ਰੇਨਿੰਗ ਲਈ ਭੇਜਿਆ ਗਿਆ ਹੈ ਪਰ ਇਸ ਦੇ ਨਾਲ ਹੀ ਟ੍ਰੇਨਿੰਗ ‘ਤੇ ਭੇਜਣ ਲਈ ਸਵਾਲਾਂ ਦੇ ਜਵਾਬ ਵੀ ਸਰਕਾਰ ਨੂੰ ਦੇਣੇ ਪੈਣਗੇ।