2015 ‘ਚ ਵਾਪਰੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ‘ਤੇ ਬਹਿਸ ਮੁਕੰਮਲ ਕਰਦਿਆਂ ਫਰੀਦਕੋਟ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜਾਣਕਾਰੀ ਦਿੰਦੇ ਹੋਏ ਵਕੀਲ ਹਰਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਅਦਾਲਤ ‘ਚ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਕੋਰਟ ਆਪਣਾ ਫ਼ੈਸਲਾ 15 ਮਾਰਚ ਯਾਨੀ ਕੱਲ੍ਹ ਨੂੰ ਸੁਣਾਵੇਗੀ। ਦੱਸ ਦੇਈਏ ਕਿ ਸਿਟ ਵੱਲੋਂ ਫਰੀਦਕੋਟ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕਰਨ ਤੋਂ ਬਾਅਦ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਸਮੇਤ ਹੋਰ ਵਿਅਕਤੀਆਂ ਨੂੰ ਸੰਮਨ ਭੇਜੇ ਸਨ, ਜਿਸ ‘ਤੇ ਬਾਦਲਾਂ ਨੇ 9 ਮਾਰਚ ਨੂੰ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 24 ਫਰਵਰੀ ਨੂੰ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਸੀ, ਜਿਸ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ ਕਈ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। ਜਿਸ ਦੇ ਆਧਾਰ ‘ਤੇ ਅਦਾਲਤ ਨੇ ਚਲਾਨ ‘ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ ‘ਚ ਤਲਬ ਕੀਤਾ ਸੀ।
ਉਥੇ ਹੀ ਦੂਜੇ ਪਾਸੇ ਕੋਟਕਪੂਰਾ ਗੋਲੀਕਾਂਡ ਵਿੱਚ ਫਰੀਦਕੋਟ ਦੀ ਅਦਾਲਤ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਉਸ ਸਮੇਂ ਝਟਕਾ ਲੱਗ ਹੈ ਜਦੋਂ ਇਲਾਕਾ ਮੈਜਿਸਟਰੇਟ ਦੀ ਅਦਾਲਤ ਨੇ ਸੁਖਬੀਰ ਬਾਦਲ ਵੱਲੋਂ ਚਲਾਨ ਦੀਆਂ ਨਕਲਾਂ ਲੈਣ ਲਈ ਦਿੱਤੀ ਅਰਜ਼ੀ ਰੱਦ ਕਰ ਦਿੱਤੀ ਹੈ। ਹਾਸਲ ਜਾਣਕਾਰੀ ਮੁਤਾਬਕ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਚਲਾਨ ਦੀਆਂ ਨਕਲਾਂ ਲੈਣ ਲਈ ਅਰਜ਼ੀ ਦਿੱਤੀ ਗਈ ਸੀ। ਵਧੀਕ ਚੀਫ਼ ਜੁਡੀਸ਼ਲ ਮੈਜਿਸਟਰੇਟ ਅਜੈਪਾਲ ਸਿੰਘ ਨੇ ਇਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।