ਪਿਛਲੇ ਦਿਨੀਂ ਪੰਜਾਬ ਦੇ ਅਜਨਾਲਾ ਵਿਚ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਇਸ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਫਰਾਰ ਹੋ ਗਿਆ। ਇਨ੍ਹਾਂ ਵਿਚੋਂ 4 ਸਾਥੀਆਂ ਨੂੰ ਅਸਾਮ ਲਿਜਾਇਆ ਗਿਆ ਹੈ। ਇਸ ਮਾਮਲੇ ਦੇ ਵਿਚ ਪੁਲਿਸ ਅਧਿਕਾਰੀ ਵਲੋਂ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਪੁਲਿਸ ਅਸਾਮ ਲੈ ਕੇ ਪਹੁੰਚੀ ਹੈ। ਅੰਮ੍ਰਿਤਪਾਲ ਦੇ 4 ਸਾਥੀਆਂ ਨੂੰ ਅਸਾਮ ਲਿਜਾਇਆ ਗਿਆ ਹੈ ਅਤੇ ਪੁਲਿਸ ਇਨ੍ਹਾਂ ਨੂੰ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ।
ਦੱਸ ਦਈਏ ਕਿ ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਸ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਕਾਰਕੁਨਾਂ ਨੂੰ ਹਿਰਾਸਤ ’ਚ ਲੈ ਕੇ ਪੁੱਛ ਪੜਤਾਲ ਕਰ ਰਹੀ ਹੈ। ਇਸੇ ਦੌਰਾਨ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਉਧਰ, ਪੰਜਾਬ ਸਰਕਾਰ ਨੇ ਇੰਟਰਨੈਟ ਉਤੇ ਪਾਬੰਦੀ ਕੱਲ੍ਹ ਯਾਨੀ ਸੋਮਵਾਰ ਦੁਪਹਿਰ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।