ਚੰਡੀਗੜ੍ਹ ਤੋਂ ਇੱਕ ਸ਼ਰਮਸਾਰ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਇੱਕ ਪ੍ਰਾਈਵੇਟ ਸਕੂਲ ਦੀਆਂ 70 ਦੇ ਕਰੀਬ ਵਿਦਿਆਰਥਣਾਂ ਦੀਆਂ ਅਸ਼ਲੀਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਪਲੋਡ ਕਰਨ ਦੀ ਸੂਚਨਾ ਪੁਲਿਸ ਕੋਲ ਪੁੱਜੀ ਹੈ।
ਵਿਦਿਆਰਥਣਾਂ ਦੀਆਂ ਇਹ ਤਸਵੀਰਾਂ ਸਕੂਲ ਦੀ ਅਧਿਕਾਰਤ ਵੈੱਬਸਾਈਟ ਤੋਂ ਡਾਊਨਲੋਡ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਦਾ ਮਾਮਲਾ ਵੀ ਸਾਹਮਣੇ ਆ ਰਿਹਾ ਹੈ। ਚੰਡੀਗੜ੍ਹ ਪੁਲਿਸ ਨੇ ਇਸ ਗੰਭੀਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ।
ਇਹ ਮਾਮਲਾ 10 ਅਕਤੂਬਰ ਨੂੰ ਸਾਹਮਣੇ ਆਇਆ ਸੀ
ਮਾਮਲਾ 10 ਅਕਤੂਬਰ ਦਾ ਹੈ। ਇਕ ਵਿਦਿਆਰਥੀ ਨੇ ਆਪਣੇ ਪਿਤਾ ਨੂੰ ਦੱਸਿਆ ਸੀ ਕਿ ਕੰਧ ‘ਤੇ ਉਸ ਦੀਆਂ ਅਤੇ ਸਕੂਲ ਦੀਆਂ ਹੋਰ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਅਪਲੋਡ ਕੀਤੀਆਂ ਗਈਆਂ ਹਨ। ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਗਈ। ਹਾਲਾਂਕਿ ਕੋਈ ਵੱਡੀ ਕਾਰਵਾਈ ਨਾ ਹੋਣ ‘ਤੇ ਮਾਮਲਾ ਪੁਲਿਸ ਕੋਲ ਪਹੁੰਚ ਗਿਆ। ਹੁਣ ਸਾਈਬਰ ਸੈੱਲ ਦੀ ਮਦਦ ਨਾਲ ਇਸ ਸਨੈਪਚੈਟ ਆਈਡੀ ਨੂੰ ਇੰਟਰਨੈੱਟ ਤੋਂ ਹਟਾ ਦਿੱਤਾ ਗਿਆ ਹੈ।
12ਵੀਂ ਜਮਾਤ ਦੇ ਵਿਦਿਆਰਥੀ ਦਾ ਨਾਂ ਆਇਆ
ਸਕੂਲ ਵਿੱਚ ਪੜ੍ਹਦੀਆਂ ਕਈ ਵਿਦਿਆਰਥਣਾਂ ਦੇ ਪਰਿਵਾਰਾਂ ਨੇ ਪੁਲੀਸ ਨੂੰ ਸ਼ਿਕਾਇਤ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਪੂਰੇ ਅਪਰਾਧ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਵੀ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਸਕੂਲ ਸੈਕਟਰ 11 ਥਾਣਾ ਖੇਤਰ ਵਿਚ ਪੈਂਦਾ ਹੈ। ਇਸ ਘਟਨਾ ਵਿੱਚ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ। ਪੁਲਸ ਇਸ ਪੂਰੇ ਮਾਮਲੇ ਦੀ ਜਾਂਚ ‘ਚ ਜੁਟੀ ਹੈ ਅਤੇ ਫਿਲਹਾਲ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।