ਪੰਜਾਬ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦਾ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 0.5 ਡਿਗਰੀ ਅਤੇ ਆਮ ਨਾਲੋਂ 1.8 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅੱਜ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ ਪਰ ਮੀਂਹ ਦੀ ਸੰਭਾਵਨਾ ਬਹੁਤ ਘੱਟ ਜਾਪਦੀ ਹੈ।
ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਵੀ ਪੰਜਾਬ ‘ਚ ਯੈਲੋ ਅਲਰਟ ਹੈ। ਜਿਸ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮਾਝੇ ਅਤੇ ਦੁਆਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਤੋਂ ਬਾਅਦ ਪੰਜਾਬ ਦੇ ਹਾਲਾਤ ਇਕ ਵਾਰ ਫਿਰ ਖਰਾਬ ਹੋਣ ਦਾ ਖਦਸ਼ਾ ਹੈ। ਭਾਖੜਾ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 9 ਫੁੱਟ ਹੇਠਾਂ ਰਹਿ ਗਿਆ ਹੈ। ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1671.27 ਫੁੱਟ ਤੱਕ ਪਹੁੰਚ ਗਿਆ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 76429 ਕਿਊਸਿਕ ਦਰਜ ਕੀਤੀ ਗਈ ਜਦਕਿ ਭਾਖੜਾ ਡੈਮ ਵਿੱਚੋਂ ਟਰਬਾਈਨਾਂ ਰਾਹੀਂ ਸਿਰਫ਼ 41816 ਕਿਊਸਿਕ ਪਾਣੀ ਛੱਡਿਆ ਗਿਆ।
ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 19400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਫਲੱਡ ਗੇਟ ਖੋਲ੍ਹਿਆ ਗਿਆ ਟੈਸਟਿੰਗ
ਭਾਖੜਾ ਵਿੱਚ ਪਾਣੀ ਦਾ ਪੱਧਰ 9 ਫੁੱਟ ਹੇਠਾਂ ਰਹਿਣ ਤੋਂ ਬਾਅਦ ਐਤਵਾਰ ਦੁਪਹਿਰ ਨੂੰ ਫਲੱਡ ਗੇਟ ਖੋਲ੍ਹ ਦਿੱਤੇ ਗਏ। ਇਹ ਫਲੱਡ ਗੇਟ ਸਿਰਫ਼ ਜਾਂਚ ਲਈ ਹੀ ਖੋਲ੍ਹੇ ਗਏ ਸਨ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਦੁਬਾਰਾ ਬੰਦ ਕਰ ਦਿੱਤਾ ਗਿਆ। ਪਰ ਜਿਵੇਂ-ਜਿਵੇਂ ਪਾਣੀ ਦਾ ਪੱਧਰ ਵੱਧ ਰਿਹਾ ਹੈ, ਖ਼ਤਰਾ ਵੀ ਵਧਦਾ ਜਾ ਰਿਹਾ ਹੈ। ਇਹ ਹੜ੍ਹਾਂ ਤੋਂ ਉਭਰ ਰਹੇ ਪੰਜਾਬ ਲਈ ਠੀਕ ਨਹੀਂ ਹੈ।