ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿੱਚ ਮੇਲਾ ਦੇਖਣ ਗਏ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਘਟਨਾ ‘ਚ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਜਦਕਿ ਜ਼ਖ਼ਮੀ ਨੌਜਵਾਨ ਕੁਝ ਵੀ ਦੱਸਣ ਦੀ ਸਥਿਤੀ ਵਿੱਚ ਨਹੀਂ ਹੈ। ਅਜਿਹੇ ‘ਚ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਥਾਣਾ ਕੋਟਫੱਤਾ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 25 ਸਾਲਾ ਨਵਦੀਪ ਸਿੰਘ ਵਾਸੀ ਪਿੰਡ ਮਾਈਸਰਖਾਨਾ ਵਜੋਂ ਹੋਈ ਹੈ, ਜਦਕਿ ਜ਼ਖਮੀ ਨੌਜਵਾਨ ਦੀ ਪਛਾਣ ਰਣਜੀਤ ਸਿੰਘ ਵਾਸੀ ਪਿੰਡ ਮਾਈਸਰਖਾਨਾ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਨਵਦੀਪ ਸਿੰਘ ਆਪਣੇ ਦੋਸਤ ਰਣਜੀਤ ਸਿੰਘ ਨਾਲ ਸ਼ਨੀਵਾਰ ਸਵੇਰੇ ਮੌੜ ਮੰਡੀ ਦੇ ਪਿੰਡ ਮਾਈਸਰਖਾਨਾ ‘ਚ ਚੱਲ ਰਹੇ ਮਾਤਾ ਦੇ ਮੇਲੇ ‘ਚ ਮੱਥਾ ਟੇਕਣ ਆਇਆ ਸੀ। ਅੱਧੀ ਦਰਜਨ ਦੇ ਕਰੀਬ ਅਣਪਛਾਤੇ ਵਿਅਕਤੀਆਂ ਨੇ ਨਵਦੀਪ ਸਿੰਘ ਅਤੇ ਰਣਜੀਤ ਸਿੰਘ ਨੂੰ ਘੇਰ ਕੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ |
ਜ਼ਖ਼ਮੀ ਨੌਜਵਾਨਾਂ ਨੂੰ ਪਹਿਲਾਂ ਸਰਕਾਰੀ ਹਸਪਤਾਲ ਬਠਿੰਡਾ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਨਵਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਰਣਜੀਤ ਸਿੰਘ ਦਾ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਥਾਣਾ ਕੋਟਫੱਤਾ ਦੇ ਐਸਐਚਓ ਬਲਤੇਜ ਸਿੰਘ ਨੇ ਦੱਸਿਆ ਕਿ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਗਈ ਸੀ ਪਰ ਉਹ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹੈ। ਮ੍ਰਿਤਕ ਨੌਜਵਾਨ ਦੇ ਵਾਰਸਾਂ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।