ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਹੋਈ ਸੁਰੱਖਿਆ ਕੁਤਾਹੀ ਨੂੰ ਲੈਕੇ ਜਾਂਚ ਹੋਣੀ ਸ਼ੁਰੂ ਹੋ ਗਈ ਹੈ। ਇਥੇ ਦਸ ਦਈਏ ਕਿ ਤਿੰਨ ਦਿਨ ਪਹਿਲਾਂ ਕੇਂਦਰ ਨੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਸੀ। ਜਿਸ ਤੋਂ ਬਾਅਦ ਹੁਣ PM ਸੁਰੱਖਿਆ ਮਾਮਲੇ ‘ਚ ਜਵਾਬ ਦੇਣ ਲਈ ਪੰਜਾਬ ਸਰਕਾਰ ਨੇ ਰਿਪੋਰਟ ਤਿਆਰ ਕੀਤੀ ਹੈ। ਇਸ ਲਈ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਤੋਂ ਅੰਤਿਮ ਮਨਜ਼ੂਰੀ ਦੀ ਉਡੀਕ ਕੀਤੀ ਜਾ ਰਹੀ ਹੈ। ਰਿਪੋਰਟ ਅਗਲੇ 1-2 ਦਿਨਾਂ ‘ਚ ਕੇਂਦਰ ਨੂੰ ਭੇਜੀ ਦਿੱਤੀ ਜਾਵੇਗੀ।
ਸੂਤਰਾਂ ਮੁਤਾਬਕ 9 ਅਫਸਰਾਂ ਉਤੇ ਚਾਰਜਸ਼ੀਟ ਤਿਆਰ ਕੀਤੀ ਗਈ ਹੈ। ਸਾਬਕਾ ਡੀਜੀਪੀ ਚਟੋਪਾਧਿਆਏ ਅਤੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਸਮੇਤ 9 ਅਧਿਕਾਰੀਆਂ ਉਤੇ ਚਾਰਜਸ਼ੀਟ ਤਿਆਰ ਕੀਤੀ ਗਈ ਹੈ। ਉਸ ਸਮੇਂ ਤਾਇਨਾਤ ਐਸਐਸਪੀ-ਆਈਜੀ ਅਤੇ ਏਡੀਜੀਪੀ ‘ਤੇ ਵੀ ਕਾਰਵਾਈ ਦੀ ਤਿਆਰੀ ਹੈ। ਦੱਸ ਦਈਏ ਕਿ ਤਿੰਨ ਦਿਨ ਪਹਿਲਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੇ ਖਿਲਾਫ਼ ਕਾਰਵਾਈ ‘ਚ ਹੋ ਰਹੀ ਦੇਰੀ ਤੋਂ ਨਾਰਾਜ਼ ਕੇਂਦਰ ਨੇ ਰਾਜ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਸੀ। ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਇਸ ਮਾਮਲੇ ‘ਚ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦੀ ਅਗਵਾਈ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਨੇ ਕੀਤੀ ਸੀ। ਪੜਤਾਲੀਆ ਕਮੇਟੀ ਵੱਲੋਂ 6 ਮਹੀਨੇ ਪਹਿਲਾਂ ਪੇਸ਼ ਕੀਤੀ ਰਿਪੋਰਟ ‘ਚ ਰਾਜ ਦੇ ਉਸ ਵੇਲੇ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਪੁਲਿਸ ਮੁਖੀ ਐਸ. ਚਟੋਪਾਧਿਆਏ ਅਤੇ ਫਿਰੋਜ਼ਪੁਰ ਦੇ ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ।
ਰਿਪੋਰਟ ‘ਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਲਾਪਰਵਾਹ ਰਵੱਈਏ ਅਤੇ ਯੋਜਨਾ ਅਤੇ ਤਾਲਮੇਲ ‘ਚ ਭਾਰੀ ਕਮੀ ਦਾ ਵੀ ਜ਼ਿਕਰ ਕੀਤਾ ਗਿਆ ਸੀ। ਇਹ ਘਟਨਾ ਜਿਸ ਵੇਲੇ ਹੋਈ ਸੀ ਉਸ ਵੇਲੇ ਪੰਜਾਬ ‘ਚ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਦੀ ਸਰਕਾਰ ਸੀ। ਇਸ ਹਫ਼ਤੇ ਦੀ ਸ਼ੁਰੂਆਤ ‘ਚ ਭੱਲਾ ਨੇ ਜੰਜੂਆ ਤੋਂ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਸੀ। ਕੇਂਦਰੀ ਗ੍ਰਹਿ ਸਕੱਤਰ ਨੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ਼ ਕਾਰਵਾਈ ‘ਚ ਦੇਰੀ ਦਾ ਵੀ ਜ਼ਿਕਰ ਕੀਤਾ ਸੀ। ਜ਼ਿਕਰਯੋਗ ਹੈ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ‘ਤੇ ਗਏ ਸਨ। ਉਸ ਵੇਲੇ ਬਠਿੰਡਾ ਹਵਾਈ ਅੱਡੇ ਤੋਂ ਹੁਸੈਨੀਵਾਲਾ ਜਾਣ ਲਈ ਸੜਕੀ ਰਸਤੇ ਰਾਹੀਂ ਸਫ਼ਰ ਕਰ ਰਹੇ ਸਨ ਜਦੋਂ ਉਨ੍ਹਾਂ ਦਾ ਕਾਫ਼ਲਾ ਇਕ ਫਲਾਈਓਵਰ ‘ਤੇ ਅੱਧੇ ਘੰਟੇ ਤੱਕ ਫਸਿਆ ਰਿਹਾ।