ਭਾਰਤ ਦੇ PM ਨਰਿੰਦਰ ਮੋਦੀ ਦੀ ਸੁਰੱਖਿਆ ਕੁਤਾਹੀ ਨੂੰ ਲੈਕੇ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਗਈ ਸੀ। ਜਿਸ ਵਿਚ ਹੁਣ ਸੂਬਾ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅੰਤਰਿਮ ਰਿਪੋਰਟ ਭੇਜ ਦਿੱਤੀ ਹੈ। ਰਿਪੋਰਟ ਵਿੱਚ ਲਿਖਿਆ ਹੈ ਕਿ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ 9 ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਇਸ ਰਿਪੋਰਟ ਵਿੱਚ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਗਈ ਹੈ।
ਦਸ ਦਈਏ ਕਿ ਪੰਜਾਬ ਫੇਰੀ ਦੌਰਾਨ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਲਈ 5 ਮੈਂਬਰਾਂ ਦੀ ਕਮੇਟੀ ਬਣਾਈ ਗਈ ਸੀ। ਜਿਸ ਦੀ ਕਮਾਨ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਨੂੰ ਦਿੱਤੀ ਗਈ ਸੀ। 6 ਮਹੀਨੇ ਦੀ ਜਾਂਚ ਤੋਂ ਬਾਅਦ ਰਿਟਾਇਰਡ ਜਸਟਿਸ ਇੰਦੂ ਮਲਹੋਤਰਾ ਦੀ ਟੀਮ ਨੇ ਰਿਪੋਰਟ ਪੇਸ਼ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਲਈ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾਰੀ, ਪੁਲਸ ਮੁਖੀ ਐੱਸ. ਚਟੋਪਾਧਿਆਏ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਰਿਪੋਰਟ ਦੇ ਆਧਾਰ ’ਤੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਇਸ ਕਮੇਟੀ ਨੂੰ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਨੂੰ ਤਲਬ ਕਰਨ ਦਾ ਅਧਿਕਾਰ ਹੋਵੇਗਾ। ਦੋਸ਼ੀ ਅਧਿਕਾਰੀਆਂ ਦੇ ਜਵਾਬ ਤੋਂ ਬਾਅਦ ਉਨ੍ਹਾਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਵੇਗਾ।