ਪੰਜਾਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧਾ ਪ੍ਰਸਾਰਣ ਲਈ ਆਪਣਾ ਯੂਟਿਊਬ ਚੈਨਲ ਸ਼ੁਰੂ ਕੀਤਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਇਹ ਯੂ-ਟਿਊਬ ਚੈਨਲ 24 ਜੁਲਾਈ ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਕੀਤਾ ਕਿ ਪੀਟੀਸੀ ਨਾਲ ਹੋਏ ਸਮਝੌਤੇ ਨੂੰ ਰੀਨਿਊ ਨਹੀਂ ਕੀਤਾ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਸੇ ਵੀ ਵੈੱਬਸਾਈਟ ਜਾਂ ਵੈੱਬ ਚੈਨਲ ਨੂੰ ਗੁਰਬਾਣੀ ਦੀ ਲਾਈਵ ਸਟ੍ਰੀਮਿੰਗ, ਡਾਊਨਲੋਡ ਕਰਨ ਦਾ ਅਧਿਕਾਰ ਨਹੀਂ ਦਿੱਤਾ ਜਾਵੇਗਾ। SGPC ਪ੍ਰਸਾਰਣ ਅਧਿਕਾਰਾਂ ਦੀ ਇਕੱਲੀ ਮਾਲਕ ਹੋਵੇਗੀ।
ਸਾਬਕਾ ਜਥੇਦਾਰ ਨੇ ਹੁਕਮ ਦਿੱਤੇ ਸਨ
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਲਈ ਤਕਨੀਕੀ ਸਟੂਡੀਓ ਤਿਆਰ ਕਰ ਲਿਆ ਹੈ, ਜਿੱਥੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਸਿੱਖ ਸੰਗਤਾਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ।
ਗਰੇਵਾਲ ਨੇ ਕਿਹਾ ਕਿ ਚੈਨਲ ਦਾ ਬਜਟ ਪਹਿਲਾਂ ਹੀ ਤੈਅ ਹੋ ਚੁੱਕਾ ਸੀ ਅਤੇ ਪਿਛਲੇ ਛੇ ਮਹੀਨਿਆਂ ਤੋਂ ਤਿਆਰੀਆਂ ਚੱਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਦਾ ਪੀ.ਟੀ.ਸੀ ਚੈਨਲ ਨਾਲ ਕਰਾਰ 23 ਜੁਲਾਈ ਨੂੰ ਸਮਾਪਤ ਹੋ ਰਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਲਗਾਤਾਰ ਮੰਗ ਕਰਦੇ ਆ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਆਪਣਾ ਟੀਵੀ ਚੈਨਲ ਸ਼ੁਰੂ ਕਰੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਕਰੇ। ਮੈਂਬਰਾਂ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਗੁਰਬਾਣੀ ਪ੍ਰਸਾਰਣ ਲਈ ਟੈਂਡਰ ਮੰਗਵਾਉਣ ਦੀ ਨੀਤੀ ਨੂੰ ਵੀ ਰੱਦ ਕੀਤਾ ਜਾਵੇ।