ਪੰਜਾਬ ਵਿੱਚ ਡੀਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਵਿੱਚ ਇੱਕ ਵਾਰ ਫਿਰ ਕੰਮ ਠੱਪ ਹੋਣ ਵਾਲਾ ਹੈ। ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਮੁੜ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਮੁਲਾਜ਼ਮ ਆਗੂਆਂ ਨੇ ਮੀਟਿੰਗ ਤੋਂ ਬਾਅਦ ਫੈਸਲਾ ਕੀਤਾ ਹੈ ਕਿ ਡੀਸੀ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ 11 ਸਤੰਬਰ ਤੋਂ 13 ਸਤੰਬਰ ਤੱਕ ਕਲਮ ਛੋੜ ਹੜਤਾਲ ਕੀਤੀ ਜਾਵੇਗੀ।
ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ, ਸਰਕਾਰ ਉਨ੍ਹਾਂ ਨਾਲ ਵਾਰ-ਵਾਰ ਵਾਅਦੇ ਤੋੜ ਰਹੀ ਹੈ, ਜਿਸ ਕਾਰਨ ਉਹ ਹੜਤਾਲ ‘ਤੇ ਜਾਣਗੇ।ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਅਤੇ ਸਕੱਤਰ ਕਰਨਵਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਵਾਰ-ਵਾਰ ਪੈਨਲ ਨਾਲ ਮੀਟਿੰਗ ਕਰਨ ਤੋਂ ਇਨਕਾਰ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਤਰੱਕੀਆਂ ਦਾ ਮਸਲਾ ਅਜੇ ਤੱਕ ਹੱਲ ਨਹੀਂ ਹੋਇਆ ਅਤੇ ਨਾ ਹੀ ਸੇਵਾ ਲਾਭ ਮਿਲਿਆ ਹੈ
ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਮੁਲਾਜ਼ਮਾਂ ਨੂੰ ਅਜੇ ਤੱਕ ਤਰੱਕੀ ਨਹੀਂ ਦਿੱਤੀ ਗਈ। ਯੂਨੀਅਨ ਵੱਲੋਂ ਕਈ ਵਾਰ ਮੀਟਿੰਗਾਂ ਕਰਕੇ ਸਰਕਾਰ ਨੂੰ ਤਰੱਕੀ ਲਈ ਲਾਈਨ ਵਿੱਚ ਲੱਗੇ ਮੁਲਾਜ਼ਮਾਂ ਦੀ ਸੂਚੀ ਦਿੱਤੀ ਜਾ ਚੁੱਕੀ ਹੈ। ਹਰ ਵਾਰ ਜਲਦੀ ਹੀ ਕੋਈ ਫੈਸਲਾ ਹੋਣ ਦਾ ਭਰੋਸਾ ਦਿੱਤਾ ਜਾਂਦਾ ਹੈ ਪਰ ਹੋਇਆ ਕੁਝ ਨਹੀਂ।
ਮਨਿਸਟੀਰੀਅਲ ਸਟਾਫ਼ ਯੂਨੀਅਨ ਦਾ ਕਹਿਣਾ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਬਾਰੇ ਸਰਕਾਰ ਅਜੇ ਤੱਕ ਕੋਈ ਸਪੱਸ਼ਟ ਫੈਸਲਾ ਨਹੀਂ ਲੈ ਸਕੀ। ਮੁਲਾਜ਼ਮਾਂ ਦੀ ਮੰਗ ਹੈ ਕਿ ਠੇਕੇ ’ਤੇ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਨੂੰ ਬਕਾਇਆ ਡੀਏ ਦਿੱਤਾ ਜਾਵੇ।