ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਅੱਜ ਅੰਮ੍ਰਿਤਸਰ ਪਹੁੰਚ ਗਏ ਹਨ। ਇੱਥੇ ਮੰਤਰੀ ਕੁਲਦੀਪ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇੱਥੇ ਪਹੁੰਚ ਕੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਤੋਂ ਬਾਅਦ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਦਿੱਲੀ-ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀ.ਐਮ. ਭਗਵੰਤ ਮਾਨ ਵੀ ਹਾਜ਼ਰ ਸਨ। ਇਸ ਮੌਕੇ ਸੀ.ਐਮ. ਭਗਵੰਤ ਮਾਨ ਨੇ ਗਡਕਰੀ ਦੀ ਖੂਬ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਉਮੀਦ ਤੋਂ ਵੱਧ ਮਿਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਐਕਸਪ੍ਰੈਸ ਵੇਅ ਦਾ ਕੰਮ ਰੁਕਣ ਨਹੀਂ ਦੇਣਗੇ ਅਤੇ ਇਸ ਸਬੰਧੀ ਉਨ੍ਹਾਂ ਦੀ ਕਿਸਾਨਾਂ ਨਾਲ ਗੱਲਬਾਤ ਚੱਲ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਗਡਕਰੀ ਅੱਜ ਸ਼ਾਮ ਅਟਾਰੀ ਸਰਹੱਦ ‘ਤੇ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਝੰਡਾ ਵੀ ਲਹਿਰਾਉਣਗੇ। ਇਹ ਤਿਰੰਗਾ ਪਾਕਿਸਤਾਨ ਤੱਕ ਸਾਫ਼ ਨਜ਼ਰ ਆਵੇਗਾ। ਇਸ ਮੌਕੇ ਸ੍ਰੀ ਗਡਕਰੀ ਦੇ ਨਾਲ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।