ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਪੈਦਾ ਕਰ ਦਿੱਤੀ ਹੈ। ਭਾਖੜਾ ਡੈਮ ਤੋਂ ਪਾਣੀ ਛੱਡਣ ਕਾਰਨ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਭਾਖੜਾ ਡੈਮ ਦਾ ਅੱਜ ਪਾਣੀ ਦਾ ਪੱਧਰ 1677.70 ਫੁੱਟ ਹੈ।
ਭਾਖੜਾ ਤੋਂ ਛੱਡੇ ਗਏ ਪਾਣੀ ਕਾਰਨ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ, ਲੋਕਾਂ ਨੂੰ ਆਪਣਾ ਸਮਾਨ ਇਕੱਠਾ ਕਰਨ ਦਾ ਸਮਾਂ ਵੀ ਨਹੀਂ ਮਿਲਿਆ। ਸਥਿਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ NDRF ਟੀਮਾਂ ਨੂੰ ਬੁਲਾਇਆ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਿੰਡ ਹਰਸਾ ਬੇਲਾ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਹੈਲੀਕਾਪਟਰ ਦੀ ਮੰਗ ਕੀਤੀ ਗਈ ਹੈ।
ਪ੍ਰਸ਼ਾਸਨ ਵੱਲੋਂ ਰਾਹਤ ਕੈਂਪ ਲਗਾਏ ਗਏ ਹਨ ਅਤੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਪਿੰਡ ਸੇਸੋਵਾਲ, ਚਾਂਦਪੁਰ, ਜਿੰਦਵੜੀ, ਬੁਰਜ, ਹਰੀਏਵਾਲ, ਮਹਿੰਦਲੀ ਕਲਾ, ਸ਼ਾਹਪੁਰ ਬੇਲਾ, ਬੱਲੋਵਾਲ, ਗੱਜਪੁਰ ਅਤੇ ਹਰੀਪੁਰ ਵਿੱਚ ਪਾਣੀ ਨੇ ਭਾਰੀ ਨੁਕਸਾਨ ਕੀਤਾ ਹੈ। ਸ੍ਰੀ ਆਨੰਦਪੁਰ ਸਾਹਿਬ ਨਾਲ ਕਈ ਪਿੰਡਾਂ ਦਾ ਸੜਕੀ ਸੰਪਰਕ ਵੀ ਕੱਟਿਆ ਗਿਆ ਹੈ।
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਬੈਂਸ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਕੰਮ ਕੀਤੇ ਜਾ ਰਹੇ ਹਨ। ਭਾਖੜਾ ਡੈਮ ਤੋਂ ਹੋਰ ਪਾਣੀ ਨਹੀਂ ਛੱਡਿਆ ਜਾਵੇਗਾ।
ਹੁਸ਼ਿਆਰਪੁਰ ਦੇ ਕਈ ਪਿੰਡਾਂ ਵਿੱਚ ਭਰਿਆ ਪਾਣੀ
ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਬਿਆਸ ਦਰਿਆ ਵਿਚ ਤੇਜ਼ੀ ਆਈ ਹੈ। ਇਸ ਕਾਰਨ ਹੁਸ਼ਿਆਰਪੁਰ ਦੇ ਹਾਜੀਪੁਰ ਮੁਕੇਰੀਆਂ ਇਲਾਕੇ ਦੇ ਕੁਝ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਪ੍ਰਭਾਵਿਤ ਖੇਤਰ ਦੇ ਪਿੰਡ ਬੱਸੀ ਬੇਟ ਸਮੇਤ ਵੱਖ-ਵੱਖ ਪਿੰਡਾਂ ਵਿੱਚ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਐਨਡੀਆਰਐਫ ਦੀ ਟੀਮ ਦੇ ਪਹੁੰਚਣ ਦੀ ਵੀ ਸੂਚਨਾ ਹੈ।